ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਮਾਮਲੇ 'ਚ ਤਿੰਨ ਪੱਧਰਾਂ 'ਤੇ ਜਾਂਚ ਸ਼ੁਰੂ

By  Pardeep Singh September 14th 2022 07:23 AM

ਚੰਡੀਗੜ੍ਹ: ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਦਾ ਮਾਮਲਾ ਗਰਮਾਇਆ ਹੋਇਆ ਹੈ। ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਾਰੀ ਖਿਲਾਫ ਤਿੰਨ ਪੱਧਰਾਂ 'ਤੇ ਜਾਂਚ ਕੀਤੀ ਜਾ ਰਹੀ ਹੈ, ਜਿਸ 'ਚ ਪਹਿਲਾਂ ਵਾਇਸ ਕਲਿੱਪ ਦੀ ਜਾਂਚ, ਓ.ਐੱਸ.ਡੀ ਅਤੇ ਕੈਬਨਿਟ ਮੰਤਰੀ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਨ੍ਹਾਂ ਟੈਂਡਰਾਂ ਜਾਂ ਅਧਿਕਾਰੀਆਂ ਨੂੰ ਫਸਾਉਣ ਦੀ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਰਮਨ ਤੋਂ ਪਰਤਣ ਤੋਂ ਬਾਅਦ ਉਨ੍ਹਾਂ ਨੂੰ ਸੌਂਪੀ ਜਾਵੇਗੀ। ਸਰਾਰੀ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਅਹੁਦਾ ਛੱਡਣਾ ਤੈਅ ਹੈ, ਇਸ ਤੋਂ ਪਹਿਲਾਂ ਹੀ ਸਰਾਰੀ ਦੇ ਅਸਤੀਫੇ ਦੀ ਮੰਗ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਭ੍ਰਿਸ਼ਟਾਚਾਰ ਦੇ  ਇਲਜ਼ਾਮਾਂ ਦਾ ਜਵਾਬ ਦਿੱਤਾ ਜਾ ਸਕੇ। ਮੰਗਲਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਕਿਹਾ ਹੈ ਕਿ ਸਰਾਰੀ ਖਿਲਾਫ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ, ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਦੇ ਆਉਣ ਤੋਂ ਪਹਿਲਾਂ ਸੀਨੀਅਰ ਆਗੂ ਸਰਾਰੀ 'ਤੇ ਵਿਚਾਰ ਕਰਨਗੇ। ਸਰਾਰੀ ਨੂੰ ਲੈ ਕੇ ਪਾਰਟੀ 'ਚ ਪੈਦਾ ਹੋਈ ਦੁਬਿਧਾ ਦਰਮਿਆਨ ਪੰਜਾਬ ਇਕਾਈ ਦੇ ਸੀਨੀਅਰ ਆਗੂਆਂ ਨੇ ਫੌਜਾ ਸਿੰਘ ਦੇ ਮੁੱਦੇ 'ਤੇ ਜਲਦ ਹੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਇਸ ਮੁੱਦੇ 'ਤੇ ਪਾਰਟੀ ਦਾ ਪੱਖ ਕੀ ਅਤੇ ਕਿਵੇਂ ਰੱਖਿਆ ਜਾਵੇ, ਇਸ 'ਤੇ ਵੀ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਵਿਦੇਸ਼ 'ਚ ਹੋਣ ਕਾਰਨ ਪਾਰਟੀ ਆਗੂਆਂ ਨੇ ਅਜੇ ਤੱਕ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਹੈ। ਭਾਜਪਾ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਰਕਾਰ ਹੋਣ ਦਾ ਢੌਂਗ ਕਰਨ ਵਾਲੀ ਮਾਨ ਸਰਕਾਰ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਦੇ ਕੈਬਨਿਟ ਮੰਤਰੀ ਸਰਾਏ ਦੇ ਭ੍ਰਿਸ਼ਟਾਚਾਰ ਦੀ ਪੂਰੀ ਕਹਾਣੀ ਦੁਨੀਆਂ ਦੇ ਸਾਹਮਣੇ ਆ ਗਈ ਹੈ। ਬੀਜੇਪੀ ਦਾ ਵਫ਼ਦ ਜਲਦੀ ਹੀ ਰਾਜਪਾਲ ਨਾਲ ਮੁਲਾਕਾਤ ਕਰੇਗਾ ਤਾਂ ਜੋ ਸਰਾਰੀ ਦੀ ਵਾਇਸ ਕਲਿੱਪ ਦੀ ਸੀਬੀਆਈ ਜਾਂਚ ਕਰਵਾਈ ਜਾ ਸਕੇ। ਓਧਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਖੁਰਾਕ ਤੇ ਸਪਲਾਈ ਵਿਭਾਗ ਬਾਬਤ ਸੌਦੇਬਾਜ਼ੀ ਵੱਲ ਸੰਕੇਤ ਕਰਦੀ ਆਡੀਓ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਫ਼ੌਜਾ ਸਿੰਘ ਸਰਾਰੀ ਨੂੰ ਕੈਬਨਿਟ 'ਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ:ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਅਹੁਦੇ ਤੋਂ ਕੀਤਾ ਜਾਵੇ ਬਰਖਾਸਤ: ਪਰਮਿੰਦਰ ਸਿੰਘ ਢੀਂਡਸਾ -PTC News

Related Post