ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਦੱਸ ਕੇ ਜੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਇਸ ਬਾਰੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਸੂਚੀ ਸ਼ੇਅਰ ਕਰਦਿਆਂ ਪੰਜਾਬ ਸਰਕਾਰ ਅਤੇ ਕੇਜਰੀਵਾਲ ਉੱਤੇ ਵੱਡੇ ਇਲਜ਼ਾਮ ਲਾਇਆ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਕਿੰਨੀ ਧੋਖਾਧੜੀ ਕੀਤੀ ਹੈ। ਖਹਿਰਾ ਨੇ ਦੱਸਿਆ ਹੈ ਕਿ ਅਰਵਿੰਦ ਕੇਜਰੀਵਾਲ ਨੇ ਭਾਰਤ ਸਰਕਾਰ ਤੋਂ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਲਈ ਹੋਈ ਹੈ ਅਤੇ ਹੁਣ ਪੰਜਾਬ ਸਰਕਾਰ ਤੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਖੁਦ ਨੂੰ 'ਆਪ' ਪੰਜਾਬ ਕਨਵੀਨਰ ਵਜੋਂ ਪੇਸ਼ ਕੀਤਾ ਹੈ। ਖਹਿਰਾ ਨੇ ਦੱਸਿਆ ਹੈ ਕਿ ਜ਼ੈੱਡ ਸਕਿਉਰਿਟੀ ਲੈਣ ਲਈ ਧੋਖਾਧੜੀ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੁਰੱਖਿਆ ਲਈ 29 ਅਪ੍ਰੈਲ ਨੂੰ ਇੱਕ ਸੂਚੀ ਜਾਰੀ ਕੀਤੀ ਸੀ। ਜ਼ਿਕਰਯੋਗ ਹੈ ਕਿ ਸੂਚੀ ਅਨੁਸਾਰ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਹਨ, ਜਦੋਂਕਿ ਪੰਜਾਬ ਵਿੱਚ ਕਨਵੀਨਰ ਦਾ ਮਤਲਬ ਪ੍ਰਧਾਨ ਹੈ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਹਨ।
-PTC News