ਲਾਲ ਚੰਦ ਕਟਾਰੂਚੱਕ ਵੱਲੋਂ ਖਿਜ਼ਰਾਬਾਦ ਅਨਾਜ ਮੰਡੀ ਦਾ ਦੌਰਾ ਕਰਕੇ ਪੰਜਾਬ ਭਰ ਵਿੱਚ ਕਣਕ ਦੀ ਖਰੀਦ ਦੀ ਕਰਵਾਈ ਰਸਮੀ ਸ਼ੁਰੂਆਤ

By  Pardeep Singh April 5th 2022 07:38 PM

ਮੋਹਾਲੀ:ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਖਰੀਦ ਕੇਂਦਰ ਮਾਜ਼ਰੀ ਦੀ ਖਿਜ਼ਰਾਬਾਦ ਅਨਾਜ ਮੰਡੀ ਦਾ ਦੌਰਾ ਕਰਕੇ ਪੰਜਾਬ ਭਰ ਵਿੱਚ ਕਣਕ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਗਈ । ਉਨ੍ਹਾਂ ਕਣਕ ਦੇ ਸੀਜ਼ਨ ਦੌਰਾਨ ਫਸਲਾਂ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਸੰਬਧੀ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਕੀਤੀਆ ਗਈਆਂ ਤਿਆਰੀਆਂ ਦਾ ਜਾਇਜਾ ਲਿਆ । ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਇਹ ਵਿਸ਼ਵਾਸ ਦਿੱਤਾ ਗਿਆ ਕਿ ਉਨ੍ਹਾਂ ਦੀ ਧੀਆਂ,ਪੁੱਤਾ ਵਾਗੂੰ ਪਾਲੀ ਕਣਕ ਦਾ ਦਾਣਾ ਦਾਣਾ ਖਰੀਦ ਕੇ ਉਸ ਦੀ ਅਦਾਇਗੀ ਮਿੱਥੇ ਸਮੇਂ ਵਿੱਚ ਕਿਸਾਨਾਂ ਨੂੰ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਬਾਰਦਾਨੇ ਦੀ ਕਿਸੇ ਪ੍ਰਕਾਰ ਦੀ ਕਮੀ ਨਹੀ ਹੈ । ਉਨ੍ਹਾਂ ਕਿਸਾਨਾਂ ਨੂੰ ਅਨਾਜ ਨੂੰ ਸੁਕਾ ਕੇ ਮੰਡੀਆਂ ਵਿੱਚ ਲਿਆਉਂਣ ਦੀ ਅਪੀਲ ਕੀਤੀ ਤਾਂ ਜੋ ਖਰੀਦ ਵਿੱਚ ਕਿਸੇ ਕਿਸਮ ਦੀ ਔਕੜ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਇਸ ਮੌਕੇ 1862 ਪੱਕੀਆਂ ਮੰਡੀਆਂ ਤੇ 450 ਆਰਜੀ ਮੰਡੀਆਂ ਰਾਹੀ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਰਬੀ ਸੀਜ਼ਨ 2022-23 ਦੌਰਾਨ ਖ਼ਰੀਦ ਕੀਤੀ ਜਾਣ ਵਾਲੀ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ 2015 ਰੁਪਏ ਭਾਰਤ ਸਰਕਾਰ ਵੱਲੋਂ ਨਿਸ਼ਚਿਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਇਸ ਸਾਲ ਦੌਰਾਨ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਸਮੂਹ ਖਰੀਦ ਏਜੰਸੀਆਂ ਵੱਲੋਂ 139055 ਟਨ ਕਣਕ ਖਰੀਦ ਹੋਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਐਸ.ਏ.ਐਸ ਨਗਰ ਵਿੱਚ ਖਰੀਦ ਲਈ 15 ਪੱਕੀਆਂ ਮੰਡੀਆਂ ਅਲਾਟ ਕੀਤੀਆਂ ਗਈਆਂ ਹਨ । ਮੰਡੀਆਂ ਵਿਚ ਸਮੂਹ ਖਰੀਦ ਏਜੰਸੀਆਂ ਵੱਲੋਂ ਪਾਲਿਸੀ ਅਨੁਸਾਰ ਸਟਾਫ਼ ਦੀ ਤੈਨਾਤੀ ਕਰ ਦਿੱਤੀ ਗਈ ਹੈ । ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਫਸਲਾਂ ਦੀ ਖਰੀਦ ਅਤੇ ਅਦਾਇਗੀ ਸਮੇਂ ਤੇ ਕਰਵਾਈ ਜਾਵੇ । ਜਾਣਕਾਰੀ ਦਿੰਦੇ ਹੋਏ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸਰਵਪੱਖੀ ਸਹੂਲਤਾਂ ਦੇਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਿਸਾਨਾਂ ਨੂੰ ਆਪਣੀਆਂ ਫਸਲਾਂ ਵੇਚਣ ਅਤੇ ਫਸਲਾਂ ਦੀ ਅਦਾਇਗੀ ਲਈ ਮੰਡੀਆਂ ਵਿੱਚ ਖੱਜਲ ਖੁਆਰ ਨਹੀ ਹੋਣ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਉਂਣ ਵਾਲੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਹ ਕਮੇਟੀ ਮੰਡੀਆਂ ਵਿੱਚ ਕਿਸਾਨਾਂ ਦੀਆਂ ਸ਼ਿਕਾਇਤਾ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਪਹਿਲ ਦੇ ਅਧਾਰ ਤੇ ਹੱਲ ਕਰੇਗੀ। ਸ੍ਰੀ ਕਟਾਰੂਚੱਕ ਨੇ ਪੱਤਰਕਾਰਾਂ ਵੱਲੋ ਪੁੱਛੇ ਸੁਆਲ ਦਾ ਜੁਆਬ ਦਿੰਦੇ ਹੋਏ ਦੱਸਿਆ ਕਿ 1977 ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿੱਚ ਹਰ ਵਰਗ,ਹਰ ਧਰਮ ਅਤੇ ਹਰ ਫਿਰਕੇ ਦੇ ਵਿਆਕਤੀਆਂ ਵੱਲੋਂ ਇੱਕਜੁੱਟ ਹੋ ਕਿ ਆਮ ਆਦਮੀ ਪਾਰਟੀ ਨੂੰ ਵੱਡਾ ਫੱਤਵਾ ਦੇ ਕੇ ਸੱਤਾ ਵਿੱਚ ਲਿਆਦਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਤੇ ਨਿਸਚੇ ਮੁਤਾਬਿਕ ਅਸੀ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਦੇਸ਼ ਦਾ ਮੋਹਰੀ ਸੂਬਾ ਬੁਣਾਉਂਣਾ ਹੈ । ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਸਾਡਾ ਧਿਆਨ ਹਾੜੀ ਦੇ ਸੀਜ਼ਨ ਤੇ ਹੈ ਅਤੇ ਅਸੀ ਵਾਅਦਾ ਕਰਦੇ ਹਾ ਕਿ ਅਸੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀ ਆਉਂਣ ਦਿੱਤੀ ਜਾਵੇਗੀ । ਇਸ ਤੋਂ ਪਹਿਲਾ ਤਹਿਸੀਲ ਕੰਪਲੈਕਸ ਮਾਜ਼ਰੀ ਵਿਖੇ ਪਹੁੰਚਣ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਉਚੇਚੇ ਤੌਰ ਤੇ ਹਾਜ਼ਰ ਵਿਧਾਨ ਸਭਾ ਹਲਕਾ ਖਰੜ੍ਹ ਤੋਂ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਵੱਲੋਂ ਇਥੇ ਪਹੁੰਚਣ ਤੇ ਮੰਤਰੀ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ । ਉਨ੍ਹਾਂ ਕਿਸਾਨਾਂ ਨੂੰ ਇਹ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹੇ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀ ਹੈ ਅਤੇ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਿਲ੍ਹੇ ਦੀਆਂ ਹੱਦਾ ਤੇ ਵਿਸ਼ੇਸ ਨਾਕੇ ਲਗਾਏ ਗਏ ਹਨ ਤਾਂ ਜੋ ਗੁਆਢੀ ਰਾਜਾ ਤੋਂ ਕਣਕ ਦੇ ਟਰੱਕ ਸੂਬੇ ਵਿੱਚ ਦਾਖਲ ਨਾ ਹੋ ਸਕਣ ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਫਸਲ ਦੀ ਖਰੀਦ ਹੀ ਪੰਜਬ ਦੀਆਂ ਮੰਡੀਆਂ ਵਿੱਚ ਹੋਵੇਗੀ । ਇਸ ਮੌਕੇ ਤੇ ਸ੍ਰੀ ਅਭਿਨਵ ਤ੍ਰਿਖਾ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਪੰਜਾਬ, ਸ੍ਰੀ ਅਮਿਤ ਤਲਵਾਰ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ, ਡਾ ਅੰਜੂਮਨ ਭਾਸਕਰ ਸੰਯੁਕਤ ਡਾਇਰੈਕਟਰ ਖ਼ਰੀਦ,ਸਟੋਰੇਜ, ਸ੍ਰੀ ਅਬਿਕੇਸ਼ ਗੁਪਤਾ ਐਸ.ਡੀ.ਐਮ ਖਰੜ੍ਹ, ਡਾ ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਐਸ.ਏ.ਐਸ ਨਗਰ ਅਤੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਮੌਜੂਦ ਸਨ। ਇਹ ਵੀ ਪੜ੍ਹੋ:ਹਰਿਆਣਾ ਵਿਧਾਨ ਸਭਾ 'ਚ ਪੇਸ਼ ਹੋਏ SYL ਮਤੇ ਨੂੰ ਲੈ ਕੇ ਡਾ.ਦਲਜੀਤ ਚੀਮਾ ਨੇ ਕਹੀ ਇਹ ਵੱਡੀ ਗੱਲ -PTC News

Related Post