ਬਠਿੰਡਾ, 4 ਅਕਤੂਬਰ: ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਖੇਤੀ ਮਸ਼ੀਨਰੀ ਦੀ ਮੈਪਿੰਗ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋੜਵੱਧ ਕਿਸਾਨ ਜ਼ੀਰੋ ਬਰਨਿੰਗ ਲਈ ਮਸ਼ੀਨਰੀ ਨੂੰ ਵਰਤ ਸਕਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਨਾ ਜਲਾਉਣ ਸਬੰਧੀ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕੰਮ ਲਈ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਛੋਟੇ ਜਾਂ ਦਰਮਿਆਨੇ ਕਿਸਾਨਾਂ ਦੀ ਮਦਦ ਲਈ ਆਈ ਖੇਤ ਐਪ ਡਾਊਨਲੋਡ ਕਰਵਾਉਣ ਦੀ ਵੀ ਹਦਾਇਤ ਕੀਤੀ ਤਾਂ ਜੋ ਕਿਸਾਨ ਸਰਕਾਰ ਵਲੋਂ ਨਿਰਧਾਰਿਤ ਰੇਟਾਂ ਤੇ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਚ ਲੋੜੀਂਦੇ ਪੁਖ਼ਤਾ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਖਰੀਦ ਕੇਂਦਰਾਂ ਚ ਆਉਣ ਵਾਲੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਅਨਾਜ਼ ਮੰਡੀਆਂ ਤੇ ਸਾਰੇ ਖ਼ਰੀਦ ਕੇਂਦਰਾਂ ਵਿੱਚ ਖ਼ਰੀਦ ਦੇ ਨਾਲ-ਨਾਲ ਨਿਰਵਿਘਨ ਲਿਫ਼ਟਿੰਗ ਵੀ ਯਕੀਨੀ ਬਣਾਈ ਜਾਵੇ। ਇਹ ਵੀ ਪੜ੍ਹੋ: ਰਾਜ ਪੱਧਰੀ ਖੇਡਾਂ 11 ਤੋਂ 22 ਅਕਤੂਬਰ ਤੱਕ ਹੋਣਗੀਆਂ: ਡੀਸੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਸਵੇਰੇ 10 ਤੋਂ ਸ਼ਾਮ 7 ਵਜੇ ਤੱਕ ਹੀ ਝੋਨੇ ਦੀ ਫ਼ਸਲ ਦੀ ਕਟਾਈ ਕਰਨ। ਕਿਸਾਨ ਝੋਨੇ ਦੀ ਸੁੱਕੀ ਫਸਲ ਹੀ ਮੰਡੀ ਵਿੱਚ ਲਿਆਉਣ ਅਤੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਕਿਸਾਨ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਰਲਾਉਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। -PTC News