ਮੰਤਰੀ ਧਾਲੀਵਾਲ ਨੇ ਕਿਸਾਨਾਂ ਤੋਂ ਮੰਗਿਆ 3 ਅਕਤੂਬਰ ਤੱਕ ਸਮਾਂ, ਕਿਸਾਨਾਂ ਵੱਲੋਂ ਧਰਨਾ ਮੁਲਤਵੀ

By  Pardeep Singh September 28th 2022 06:59 PM -- Updated: September 28th 2022 08:10 PM

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ। ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਤੋਂ 3 ਅਕਤੂਬਰ ਤੱਕ ਦਾ ਸਮਾਂ ਮੰਗਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਮੰਤਰੀ ਧਾਲੀਵਾਲ ਦਾ ਕਹਿਣਾ ਹੈ ਕਿ ਝੋਨੇ ਅਤੇ ਗੰਨੇ ਦੀ ਖਰੀਦ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਓਧਰ ਕਿਸਾਨਾਂ ਦਾ ਕਹਿਣਾ ਹੈ ਕਿ ਭਲ੍ਹਕੇ ਜਲੰਧਰ ਹਾਈਵੇ ਜਾਮ ਕਰਨ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ 3 ਅਕਤੂਬਰ ਤੱਕ ਨਾ ਮੰਨੀਆਂ ਤਾਂ 4 ਅਕਤੂਬਰ ਨੂੰ ਵੱਡਾ ਧਰਨਾ ਲਗਾਇਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ  ਗੰਨੇ ਦੀ ਕੀਮਤ 450 ਰੁਪਏ ਪ੍ਰਤੀ ਕੁਇੰਟਲ ਦੀ ਮੰਗ ਕੀਤੀ ਜਾ ਰਹੀ ਹੈ। ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਰੂਰ ਮੰਨੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇੱਕ ਵਿਸਥਾਰਤ ਕਾਰਜਵਿਧੀ ਵਿਕਸਿਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ, ਜਿੱਥੇ ਗੰਨਾ ਉਤਪਾਦਕਾਂ ਨੂੰ 14 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੀ ਅਦਾਇਗੀ ਕੀਤੀ ਜਾਵੇਗੀ। ਇਸੇ ਤਰ੍ਹਾਂ ਸਾਰੀਆਂ ਖੰਡ ਮਿੱਲਾਂ 15 ਨਵੰਬਰ ਤੋਂ ਪਹਿਲਾਂ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਇਹ ਵੀ ਦੱਸਿਆ ਕਿ ਭੋਗਪੁਰ ਸ਼ੂਗਰ ਮਿੱਲ ਦਾ ਮੁੱਦਾ ਵੀ ਵਿਚਾਰ ਅਧੀਨ ਹੈ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਤੱਕ ਚਾਲੂ ਕਰ ਦਿੱਤਾ ਜਾਵੇਗਾ। ਫਗਵਾੜਾ ਸ਼ੂਗਰ ਮਿੱਲ ਨੂੰ ਚਾਲੂ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਸਾੜਨ ਦੇ ਮੁੱਦੇ 'ਤੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਦੇ ਰੁਝਾਨ ਨੂੰ ਘੱਟ ਤੋਂ ਘੱਟ ਕਰਨ ਲਈ ਹਰ ਲੋੜੀਂਦੀ ਮਸ਼ੀਨਰੀ ਅਤੇ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਕਿਉਂਕਿ ਇਹ ਸਾਡੀ ਸਿਹਤ ਲਈ ਬਹੁਤ ਵੱਡਾ ਖਤਰਾ ਹੈ। ਉਨ੍ਹਾਂ ਕਿਸਾਨਾਂ ਨੂੰ ਰਾਜ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। 150 ਕਰੋੜ ਦੇ ਕਥਿਤ ਖੇਤੀ ਮਸ਼ੀਨਰੀ ਘਪਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਵੀ ਪੜ੍ਹੋ:CBI ਕੋਰਟ ਨੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੂੰ ਦਿੱਤੀ ਰਾਹਤ -PTC News

Related Post