ਬਠਿੰਡਾ: ਬਠਿੰਡਾ ਦੇ ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨ ਦਿਓਣ ਵਿੱਚ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਨੈਸ਼ਨਲ ਪੱਧਰੀ ਐਵਾਰਡ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਲੰਬੀ ਗੁਰਮੀਤ ਸਿੰਘ ਖੁੱਡੀਆਂ ਤੇ ਕਾਲਜ ਦੇ ਚੈਅਰਮੇਨ ਗੁਰਮੀਤ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੂਜੀਸੀ ਦੇ 7ਵੇਂ ਤਨਖ਼ਾਹ ਕਮਿਸ਼ਨ ਸਬੰਧੀ ਲਏ ਗਏ ਫ਼ੈਸਲੇ ਨੂੰ ਇਤਹਾਸਿਕ ਦੱਸਦਿਆਂ ਅਧਿਆਪਕ ਵਰਗ ਲਈ ਵੱਡਾ ਐਲਾਨ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ਼ ਨੂੰ ਬਹੁਤ ਫ਼ਾਇਦਾ ਹੋਵੇਗਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜੋ ਪਹਿਲਾਂ ਬਹੁਤ ਤਰ੍ਹਾਂ ਦੇ ਮਾਫ਼ੀਏ ਚਲਦੇ ਸਨ ਪਰ ਹੁਣ ਮਾਫੀਆਂ ਨੂੰ ਠੱਲ ਪਈ ਹੈ। ਮੰਤਰੀ ਮੀਤ ਹੇਅਰ ਨੇ ਕਿਹਾ ਕਿ ਚੰਗੀ ਸਿੱਖਿਆ ਪ੍ਰਾਪਤ ਕਰਕੇ ਹੀ ਜ਼ਿੰਦਗੀ ਵਿੱਚ ਅੱਗੇ ਵਧਿਆ ਜਾ ਸਕਦਾ ਹੈ। ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਨਾਲ-ਨਾਲ ਖੇਡਾਂ ਵੱਲ ਉਚੇਚਾ ਧਿਆਨ ਦੇ ਰਹੀ ਹੈ ਅਤੇ ਇਸ ਸਾਲ ਖੇਡਾਂ ਦੇ ਬਜਟ ਵਿੱਚ 56 ਫ਼ੀਸਦੀ ਵਾਧਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸਾ ਹੈ ਕਿ ਖੇਡਾਂ ਨੂੰ ਪ੍ਰਫੁੱਲਤ ਕਰਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਜਿੱਥੇ ਪੁਰਾਣੇ ਖਿਡਾਰੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਪ੍ਰਸੰਸਾ ਕੀਤੀ ਉਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਣ ਲਈ ਵੀ ਪ੍ਰੇਰਿਤ ਵੀ ਕੀਤਾ। ਰਿਪੋਰਟ- ਮਨੀਸ਼ ਗਰਗ ਇਹ ਵੀ ਪੜ੍ਹੋ:CM ਭਗਵੰਤ ਮਾਨ ਵੱਲੋਂ ਕਿਸਾਨਾਂ ਲਈ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ -PTC News