ਬਠਿੰਡਾ : ਜ਼ਿਲ੍ਹੇ ਦੇ ਕਸਬਾ ਤਪਾ ਦੀ ਅਨਾਜ ਮੰਡੀ ਵਿੱਚ ਮੂੰਗੀ ਦੀ ਖ਼ਰੀਦ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਝੂਠ ਬੋਲਿਆ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਬੀਜੀ ਗਈ ਮੂੰਗੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦੇਗੀ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਹਜ਼ਾਰਾਂ-ਲੱਖਾਂ ਏਕੜ ਜ਼ਮੀਨ ਉਤੇ ਮੂੰਗੀ ਦੀ ਫ਼ਸਲ ਬੀਜੀ ਗਈ ਸੀ ਪਰ ਕਿਸਾਨ ਮੂੰਗੀ ਨੂੰ ਵੇਚਣ ਲਈ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਤੋਂ ਮੂੰਗੀ ਦੀ ਫ਼ਸਲ 1800 ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 5000 ਰੁਪਏ ਪ੍ਰਤੀ ਕੁਇੰਟਲ ਤੱਕ ਖ਼ਰੀਦੀ ਜਾ ਰਹੀ ਹੈ, ਜੋ ਕਿਸਾਨਾਂ ਦੀ ਸਰਾਸਰ ਲੁੱਟ ਹੈ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖ਼ਰੀਦੀ ਗਈ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖ਼ਰੀਦੀ ਗਈ ਮੂੰਗੀ ਦੀ ਬਾਕੀ ਰਹਿੰਦੀ ਰਕਮ ਦਾ ਮੁਆਵਜ਼ਾ ਦੇਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਵੀ ਆਪਣੇ ਪੈਸੇ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਹੁੰਦੀ ਸੀ ਪਰ ਹੁਣ ਕਿਸਾਨਾਂ ਨੂੰ ਆਪਣੇ ਪੈਸੇ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਗੰਨੇ ਦੇ ਬਕਾਏ ਜਲਦ ਤੋਂ ਜਲਦ ਜਾਰੀ ਕਰੇ। ਇਸ ਦੇ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਵਿਖੇ ਕੇਂਦਰ ਸਰਕਾਰ ਵੱਲੋਂ ਬਣਾਈਆਂ ਗਈਆਂ ਸਰਾਵਾਂ 'ਤੇ ਜੀ.ਐਸ.ਟੀ. ਨੂੰ ਲਾਗੂ ਕਰਨ ਦੀ ਗੱਲ ਆਖਦਿਆਂ ਕਿਹਾ ਕਿ ਜੀ.ਐਸ.ਟੀ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ। ਇਸ ਦੇ ਨਾਲ ਹੀ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਪੰਜਾਬੀ ਗਾਇਕ ਜਾਨੀ ਦੇ ਪਰਿਵਾਰ ਸਮੇਤ ਪੰਜਾਬ ਛੱਡਣ ਦੀ ਗੱਲ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਗੈਂਗਸਟਰ ਖੁੱਲ੍ਹੇਆਮ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਤਰਸਯੋਗ ਹੋ ਚੁੱਕੀ ਹੈ ਤੇ ਭਗਵੰਤ ਮਾਨ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਿੱਚ ਨਾਕਾਮ ਸਾਬਤ ਹੋਏ ਹਨ। ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ GST ਦੇ ਘੇਰੇ 'ਚ ਲਿਆਉਣ ਦੇ ਫੈਸਲੇ ਨੂੰ ਕੇਂਦਰ ਲਵੇ ਵਾਪਸ -ਮੁੱਖ ਮੰਤਰੀ