ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 418 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।
ਅਰਦਾਸ ਮਗਰੋਂ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ।
ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਵੱਲੋਂ ਸੰਨ 1604 ਈ: ਵਿਚ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ। ਇਹ ਪਾਵਨ ਦਿਹਾੜਾ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ। ਨਗਰ ਕੀਰਤਨ ਲਗਭਗ ਇਕ ਘੰਟੇ ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪਨ ਹੋਇਆ।