ਪੰਜਾਬ 'ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ 'ਚ 21 ਫੀਸਦੀ ਵਾਧਾ: ਜਿੰਪਾ

By  Pardeep Singh December 6th 2022 03:54 PM

ਚੰਡੀਗੜ੍ਹ: ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਹੋਈ ਹੈ। 

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਪ੍ਰੈਲ ਤੋਂ 30 ਨਵੰਬਰ 2022 ਤੱਕ ਖਜ਼ਾਨੇ ਵਿਚ 2525.72 ਕਰੋੜ ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਹ ਆਮਦਨ 21 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਨ੍ਹਾਂ ਅੱਠ ਮਹੀਨਿਆਂ ਦੇ ਸਮੇਂ ਦੌਰਾਨ ਇਹ ਆਮਦਨ 2088.60 ਕਰੋੜ ਰੁਪਏ ਸੀ।

ਜਿੰਪਾ ਨੇ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਨਵੰਬਰ 2022 ਵਿਚ 376.78 ਕਰੋੜ ਰੁਪਏ ਦੀ ਆਮਦਨ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਆਈ ਹੈ ਜਦਕਿ ਨਵੰਬਰ 2021 ਵਿਚ ਇਹ 260.87 ਕਰੋੜ ਰੁਪਏ ਸੀ। 

ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 8 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।


Related Post