'ਆਪ' ਨੇ ਚੋਣਾਂ ਖ਼ਤਮ ਹੋਣ 'ਤੇ ਬਿਜਲੀ ਦਰਾਂ ’ਚ ਵਾਧਾ ਕਰ ਕੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ: ਸੁਖਬੀਰ ਸਿੰਘ ਬਾਦਲ

Sukhbir Singh Badal Slams AAP On Electricity rates hike : ਉਦਯੋਗਿਕ ਖੇਤਰ ਲਈ ਬਿਜਲੀ ਦਰਾਂ ਵਿਚ ਕੀਤਾ ਸਾਰਾ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਮਿਆਨੇ ਅਤੇ ਲਘੂ ਉਦਯੋਗ ਪਹਿਲਾਂ ਹੀ ਘਾਟੇ ਵਿਚ ਚਲ ਰਹੇ ਹਨ ਤੇ ਇਨ੍ਹਾਂ ਲਈ ਬਿਜਲੀ ਦਰ 5 ਰੁਪਏ ਪ੍ਰਤੀ ਯੂਨਿਟ ਹੋਣੀ ਚਾਹੀਦੀ ਹੈ।

By  KRISHAN KUMAR SHARMA June 14th 2024 06:49 PM

Electricity rates hike in Punjab : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (AAP) ਸਰਕਾਰ ਨੇ ਪਾਰਲੀਮਾਨੀ ਚੋਣਾਂ ਖਤਮ ਹੋਣ ਤੋਂ ਬਾਅਦ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਪੰਜਾਬੀਆਂ ਨਾਲ ਭੱਦਾ ਮਜ਼ਾਕ ਕੀਤਾ ਹੈ ਤੇ ਉਨ੍ਹਾਂ ਮੰਗ ਕੀਤੀ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਕ ਪਾਰਟੀ ਜੋ ਲਗਾਤਾਰ ਇਹ ਦਾਅਵਾ ਕਰਦੀ ਆ ਰਹੀ ਸੀ ਕਿ ਉਹ ਘਰੇਲੂ ਤੇ ਉਦਯੋਗਿਕ ਦੋਵੇਂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਕਟੌਤੀ ਕਰੇਗੀ ਨੇ ਉਸ ’ਤੇ ਵਿਸ਼ਵਾਸ ਕਰਨ ਲਈ ਪੰਜਾਬੀਆਂ ਨੂੰ ਸਜ਼ਾ ਦਿੱਤੀ ਹੈ ਤੇ ਦੋਵਾਂ ਵਰਗਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ’ਬਦਲਾਅ’ ਦੇ ਨਾਂ ’ਤੇ ਇਹ ਧੋਖਾ ਕਿਉਂ ਕੀਤਾ ਤੇ ਆਮ ਆਦਮੀ ਦੀ ਜੇਬ ਵਿਚ ਸੰਨ ਕਿਉਂ ਲਾਈ ਜਦੋਂ ਗਰਮੀ ਕਾਰਣ ਬਿਜਲੀ ਖਪਤ ਸਿਖ਼ਰਾਂ ’ਤੇ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਉਦੋਂ ਹੋਇਆ ਹੈ ਜਦੋਂ ਪਿਛਲੇ ਸਾਲ 30 ਤੋਂ 40 ਪੈਸੇ ਦਾ ਵਾਧਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਉਦਯੋਗਾਂ ਲਈ ਕੰਮ ਕਰਨਾ ਔਖਾ ਹੋ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਉਦਯੋਗ ਹਿਜ਼ਰਤ ਕਰ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਹਿਲਾਂ ਹੀ ਨਵਾਂ ਨਿਵੇਸ਼ ਨਹੀਂ ਹੋ ਰਿਹਾ ਤੇ ਇਸ ਵਾਧੇ ਮਗਰੋਂ ਸੂਬੇ ਦਾ ਨਿਵੇਸ਼ ਮਾਹੌਲ ਹੋਰ ਖਰਾਬ ਹੋ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਲਈ ਬਿਜਲੀ ਦਰਾਂ ਆਪਣੇ ਗੁਆਂਢੀ ਰਾਜਾਂ ਨਾਲੋਂ ਮਹਿੰਗੀਆਂ ਹਨ।

ਉਦਯੋਗਿਕ ਖੇਤਰ ਲਈ ਬਿਜਲੀ ਦਰਾਂ ਵਿਚ ਕੀਤਾ ਸਾਰਾ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਰਮਿਆਨੇ ਅਤੇ ਲਘੂ ਉਦਯੋਗ ਪਹਿਲਾਂ ਹੀ ਘਾਟੇ ਵਿਚ ਚਲ ਰਹੇ ਹਨ ਤੇ ਇਨ੍ਹਾਂ ਲਈ ਬਿਜਲੀ ਦਰ 5 ਰੁਪਏ ਪ੍ਰਤੀ ਯੂਨਿਟ ਹੋਣੀ ਚਾਹੀਦੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਆਪ ਸਰਕਾਰ ਨੂੰ ਕਿਹਾ ਕਿ ਉਹ ਸੂਬੇ ਦੀ ਬਿਜਲੀ ਕੰਪਨੀ ਦੇ ਕੁਪ੍ਰਬੰਧਨ ਦੀ ਸਜ਼ਾ ਬਿਜਲੀ ਖਪਤਕਾਰਾਂ ਨੂੰ ਨਾ ਦੇਵੇ। ਉਨ੍ਹਾਂ ਕਿਹਾ ਕਿ ਭਾਵੇਂ ਟਰਾਂਸਮਿਸ਼ਨ ਤੇ ਡਿਸਟ੍ਰੀਬਿਊਸ਼ਨ ਵਿਚ ਕੋਈ ਨਿਵੇਸ਼ ਨਹੀਂ ਕੀਤਾ ਗਿਆ, ਜਿਸ ਕਾਰਨ ਵਾਰ-ਵਾਰ ਬਿਜਲੀ ਸਪਲਾਈ ਵਿਚ ਵਿਘਨ ਪੈ ਰਿਹਾ ਹੈ ਤੇ ਆਮ ਲੋਕ ਮੁਸ਼ਕਿਲਾਂ ਝੱਲ ਰਹੇ ਹਨ, ਜਦੋਂ ਕਿ ਬਿਜਲੀ ਕੰਪਨੀ ਨੇ ਆਪ ਰੈਗੂਲੇਟਰੀ ਅਥਾਰਟੀ ਕੋਲ ਮੰਨਿਆ ਹੈ ਕਿ ਉਸਨੂੰ 5419 ਕਰੋੜ ਰੁਪਏ ਦਾ ਘਾਟਾ ਪੈ ਰਿਹਾ ਹੈ।

Related Post