ਅਸਲਾ ਲਾਇਸੰਸਾਂ ਨੂੰ ਲੈ ਕੇ ਐਕਸ਼ਨ 'ਚ ਪ੍ਰਸ਼ਾਸਨ, ਪਟਿਆਲਾ 'ਚ 274 ਲਾਇਸੰਸ ਮੁਅੱਤਲ
ਪਟਿਆਲਾ : ਅਸਲਾ ਲਾਇਸੰਸਾਂ ਨੂੰ ਲੈ ਕੇ ਪ੍ਰਸ਼ਾਸਨ ਐਕਸ਼ਨ ਦੇ ਮੂਡ ਵਿਚ ਦਿਖਾਈ ਦੇ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਅਸਲਾ ਲਾਇਸੰਸਾਂ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼ਾਹੀ ਸ਼ਹਿਰ ਪਟਿਆਲਾ ਵਿਚ ਕਾਰਵਾਈ ਕਰਦੇ ਹੋਏ ਪ੍ਰਸ਼ਾਸਨ ਵੱਲੋਂ 274 ਅਸਲਾ ਲਾਇਸੰਸ ਮੁਅੱਤਲ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ, 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੇ ਕਾਰਵਾਈ ਕਰਕੇ 274 ਅਸਲਾ ਲਾਇਸੰਸ ਮੁਅੱਤਲ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੰਸਾਂ ਨੂੰ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਨ੍ਹਾਂ ਨੂੰ ਵਾਰ-ਵਾਰ ਮੌਕਾ ਦੇਣ ਦੇ ਬਾਵਜੂਦ ਇਨ੍ਹਾਂ ਨੇ ਆਪਣੇ ਕੋਲ ਰੱਖੇ ਵਾਧੂ ਹਥਿਆਰਾਂ ਨੂੰ ਜਮ੍ਹਾਂ ਨਹੀਂ ਕਰਵਾਏ ਸਨ। ਇਨ੍ਹਾਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਬੰਦੂਕ-ਸੱਭਿਆਚਾਰ ਨੂੰ ਠੱਲ੍ਹ ਪਾਉਣ ਸਬੰਧੀ ਸੂਬੇ 'ਚ ਮੌਜੂਦਾ ਅਸਲਾ ਲਾਇਸੰਸਾਂ ਦਾ ਜਾਇਜ਼ਾ ਲੈਣ ਸਬੰਧੀ ਹੁਕਮ ਜਾਰੀ
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਸਲਾ ਐਕਟ ਦੀ ਧਾਰਾ 9 ਦੇ ਤਹਿਤ ਸੀ.ਆਰ.ਪੀ.ਸੀ. ਦੀ ਧਾਰਾ 107/110 ਤਹਿਤ ਬਾਊਂਡ ਕੀਤੇ ਗਏ ਸਾਰੇ ਹਥਿਆਰਾਂ ਦੇ ਲਾਇਸੰਸ ਵੀ ਮੁਅੱਤਲ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੇ ਕਿਸੇ ਵੀ ਅਪਰਾਧਿਕ ਪਿਛੋਕੜ ਜਾਂ ਮਾੜੇ ਵਿਵਹਾਰ ਵਾਲੇ ਅਸਲਾ ਲਾਇਸੰਸਧਾਰਕਾਂ ਦੀ ਪੜਤਾਲ ਲਈ ਪੁਲਿਸ ਵਿਭਾਗ ਨਾਲ ਲਗਭਗ 30,000 ਅਸਲਾ ਲਾਇਸੰਸਾਂ ਦੀ ਸੂਚੀ ਵੀ ਸਾਂਝੀ ਕੀਤੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਨੂੰ ਜਾਰੀ ਅਸਲਾ ਲਾਇਸੰਸ ਦੀ ਇਨ੍ਹਾਂ ਨੂੰ ਲੋੜ ਵੀ ਹੈ ਜਾਂ ਨਹੀਂ।
ਰਿਪੋਰਟ-ਗਗਨਦੀਪ ਆਹੂਜਾ