ਐਡਵੋਕੇਟ ਧਾਮੀ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਢਿੱਲਵਾਂ 'ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਪਿੰਡ ਢਿੱਲਵਾਂ ਵਿਚ ਵਾਪਰੀ ਇਸ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਨੂੰ ਝੰਜੋੜਿਆ ਹੈ।

By  KRISHAN KUMAR SHARMA May 30th 2024 05:16 PM -- Updated: May 30th 2024 05:19 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਪਿੰਡ ਢਿੱਲਵਾਂ ਵਿਚ ਵਾਪਰੀ ਇਸ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਨੂੰ ਝੰਜੋੜਿਆ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਵਾਂ ਸ਼ਹਿਰ ਦੇ ਪਿੰਡ ਮਹਿਮੂਦਪੁਰ ਮੰਡੇਰ ਦੇ ਗੁਰਦੁਆਰਾ ਸਾਹਿਬ ਵਿਚ ਅੱਗ ਲੱਗਣ ਦੀ ਘਟਨਾ ’ਤੇ ਵੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਜਾਂਚ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬਿਨਾਂ ਲੋੜ ਅਤੇ ਸੇਵਾਦਾਰਾਂ ਦੀ ਹਾਜ਼ਰੀ ਤੋਂ ਬਿਜਲੀ ਉਪਕਰਣ ਚੱਲਦੇ ਨਾ ਰਹਿਣ।

Related Post