AAP ਦੇ ਲਾਲਜੀਤ ਭੁੱਲਰ ਮੁੜ ਚਰਚਾ 'ਚ, ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਧਮਕਾਉਣ ਦੇ ਲੱਗੇ ਆਰੋਪ

ਲਾਲਜੀਤ ਭੁੱਲਰ 'ਤੇ ਆਰੋਪ ਲਾਏ ਗਏ ਹਨ ਕਿ ਉਨ੍ਹਾਂ ਵੱਲੋਂ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਬੀਬੀ ਖਾਲੜਾ ਨੇ ਕਿਹਾ ਕਿ ਲਾਲਜੀਤ ਭੁੱਲਰ ਨੂੰ ਅਜਿਹੀਆਂ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ, ਉਹ ਇਹੋ ਜਿਹੀਆਂ ਹਰਕਤਾਂ ਤੋਂ ਬਾਜ਼ ਆਉਣ।

By  KRISHAN KUMAR SHARMA June 11th 2024 05:36 PM -- Updated: June 11th 2024 06:12 PM

Amritpal Singh NSA : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਇੱਕ ਵਾਰ ਮੁੜ ਸੁਰਖੀਆਂ ਵਿੱਚ ਹਨ। ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਪ੍ਰੈਸ ਕਾਨਫਰੰਸ 'ਚ ਲਾਲਜੀਤ ਭੁੱਲਰ 'ਤੇ ਆਰੋਪ ਲਾਏ ਗਏ ਹਨ ਕਿ ਉਨ੍ਹਾਂ ਵੱਲੋਂ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਲਾਲਜੀਤ ਭੁੱਲਰ ਨੂੰ ਅਜਿਹੀਆਂ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ, ਉਹ ਇਹੋ ਜਿਹੀਆਂ ਹਰਕਤਾਂ ਤੋਂ ਬਾਜ਼ ਆਉਣ।

ਪ੍ਰੈਸ ਕਾਨਫਰੰਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਜੇਲ੍ਹ 'ਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲੇ ਹਨ ਅਤੇ ਉਨ੍ਹਾਂ ਵਲੋਂ ਸਮੂਹ ਵੋਟਰਾਂ ਦਾ ਦੁਨੀਆ ਭਰ 'ਚ ਵਸਦੇ ਪੰਜਾਬੀਆਂ ਦਾ ਧੰਨਵਾਦ ਕੀਤਾ ਗਿਆ ਹੈ। ਦੱਸ ਦਈਏ ਕਿ 24 ਜੂਨ ਨੂੰ NSA ਦੀ ਐਕਸਟੈਨਸ਼ਨ ਪੂਰੀ ਹੋਣ ਜਾ ਰਹੀ, ਜਿਸ ਨੂੰ ਲੈ ਕੇ ਉਨ੍ਹਾਂ ਇਸ ਮੌਕੇ ਸਰਕਾਰ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਪਿੱਛੋਂ NSA ਹਟਾਉਣ ਅਤੇ ਭਾਈ ਅੰਮ੍ਰਿਤਪਾਲ ਤੇ ਸਮੂਹ ਸਾਥੀਆਂ ਨੂੰ ਰਿਹਾ ਕਰਨ ਦੀ ਮੰਗ ਕੀਤੀ। 

ਉਨ੍ਹਾਂ ਕਿਹਾ ਕਿ ਖਾਲਸਾ ਵਹੀਰ ਯਾਤਰਾ ਪਹਿਲਾਂ ਵਾਂਗ ਹੀ ਜਾਰੀ ਰਹੇਗੀ, ਤਾਂ ਜੋ ਨਸ਼ਿਆਂ ਦੇ ਖਾਤਮੇ ਲਈ ਆਰੰਭੀ ਮੁਹਿੰਮ ਪ੍ਰਚੰਡ ਕੀਤੀ ਜਾ ਸਕੇ। ਜੇ ਸਰਕਾਰਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਨਾ ਕੀਤਾ ਤਾਂ ਉਨ੍ਹਾਂ ਨੂੰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ।

ਬੀਬੀ ਖਾਲੜਾ ਨੇ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਲੜਾਈ ਹੈ, ਜਿਸ ਵਿੱਚ ਲੋਕਾਂ ਨੇ ਬਹੁਤ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਨੈਸ਼ਨਲ ਮੀਡੀਆ ਨੇ ਆਪਣਾ ਸਹੀ ਰੋਲ ਨਹੀਂ ਨਿਭਾਇਆ ਅਤੇ 'ਖਾਲਿਸਤਾਨੀ ਪੱਖੀ' ਕਿਹਾ ਗਿਆ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ, ਉਸ ਦਾ ਪਰਿਵਾਰ ਅਤੇ ਸਾਥੀ ਅਮਨ-ਸ਼ਾਂਤੀ ਦੇ ਹਮਾਇਤੀ ਹਨ। ਲਾਲਜੀਤ ਭੁੱਲਰ ਵੱਲੋਂ ਸਾਡੇ ਸਮਰਥਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਲਜੀਤ ਭੁੱਲਰ, ਇਹੋ ਜਿਹੀਆਂ ਹਰਕਤਾਂ ਤੋਂ ਬਾਜ਼ ਆਉਣ, ਕਿਉਂਕਿ ਵੋਟ ਲੋਕਾਂ ਦਾ ਲੋਕਤੰਤਰਿਕ ਅਧਿਕਾਰ ਹੈ ਇਸ ਲਈ ਲੋਕਾਂ ਨੂੰ  ਧਮਕਾਇਆ ਨਾ ਜਾਵੇ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹੱਕਾਂ ਦੀ ਲੜਾਈ ਲੜਨਗੇ, ਨਾ ਭਾਜਪਾ ਵਿੱਚ ਰਲਣਗੇ ਅਤੇ ਨਾ ਹੀ ਕਾਂਗਰਸ ਨਾਲ ਜਾਣਗੇ, ਕਿਉਂਕਿ ਨੈਸ਼ਨਲ ਪਾਰਟੀਆਂ ਪੰਜਾਬ ਦੇ ਹੱਕ ਵਿੱਚ ਨਹੀਂ।

NSA ਰੱਦ ਕਰਵਾਉਣ ਲਈ ਕਾਨੂੰਨੀ ਲੜਾਈ ਵੀ ਕੀਤੀ ਸ਼ੁਰੂ

ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਐਨਐਸਏ ਰੱਦ ਕਰਵਾਉਣ ਲਈ ਭਾਰਤ ਸਰਕਾਰ 'ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਅਮਰੀਕਾ 'ਚ ਅਟਾਰਨੀ ਜਸਪ੍ਰੀਤ ਸਿੰਘ ਵਲੋਂ ਵਾਈਸ ਪ੍ਰੈਜੀਡੈਂਟ ਕੈਮਲਾ ਹੈਰਿਸ ਨਾਲ ਅੱਜ ਮੁਲਾਕਾਤ ਕੀਤੀ ਜਾਵੇਗੀ।

Related Post