ਅਰਵਿੰਦ ਕੇਜਰੀਵਾਲ ਇੱਥੇ ਰਹਿਣਗੇ ਤਿਹਾੜ ਜੇਲ੍ਹ ਵਿੱਚ, ਸੰਜੇ ਸਿੰਘ ਨੂੰ ਕੀਤਾ ਗਿਆ ਤਬਦੀਲ

By  Amritpal Singh April 1st 2024 05:33 PM

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਦੀ ਜੇਲ੍ਹ ਨੰਬਰ 2 ਵਿੱਚ ਰੱਖਿਆ ਜਾਵੇਗਾ। ਜੇਲ੍ਹ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਇੱਥੇ ਇਕੱਲੇ ਹੀ ਰਹਿਣਗੇ। ਇਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਾਰੇ ਸੀਸੀਟੀਵੀ ਕੈਮਰਿਆਂ ਦੀ ਵੀ ਮੁੜ ਜਾਂਚ ਕੀਤੀ ਗਈ ਹੈ।

ਇਸ ਤੋਂ ਪਹਿਲਾਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਜੇਲ੍ਹ ਨੰਬਰ 2 ਵਿੱਚ ਸਨ। ਉਨ੍ਹਾਂ ਨੂੰ ਹਾਲ ਹੀ ਵਿੱਚ ਜੇਲ੍ਹ ਨੰਬਰ 2 ਤੋਂ 5 ਵਿੱਚ ਤਬਦੀਲ ਕੀਤਾ ਗਿਆ ਸੀ। ਸੰਜੇ ਸਿੰਘ ਨੂੰ ਵੀ ਲੰਬੀ ਪੁੱਛ-ਪੜਤਾਲ ਤੋਂ ਬਾਅਦ ਪਿਛਲੇ ਸਾਲ ਅਕਤੂਬਰ ਵਿੱਚ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਈਡੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਨੇਤਾ ਨਿਆਂਇਕ ਹਿਰਾਸਤ ਵਿਚ ਹਨ।


ਮੁੱਖ ਮੰਤਰੀ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਉਸ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ। ਈਡੀ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਏਜੰਸੀ ਨੇ ਅੱਜ ਉਸ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ।

ਅਰਵਿੰਦ ਕੇਜਰੀਵਾਲ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ

ਜਿੱਥੇ ਈਡੀ ਨੇ ਰਿਮਾਂਡ ਨਾ ਮੰਗਦਿਆਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਅਰਵਿੰਦ ਕੇਜਰੀਵਾਲ ਨੇ ਅਦਾਲਤ ਵਿੱਚ ਪੇਸ਼ੀ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ (ਨਰਿੰਦਰ ਮੋਦੀ) ਜੋ ਵੀ ਕਰ ਰਹੇ ਹਨ, ਉਹ ਦੇਸ਼ ਲਈ ਚੰਗਾ ਨਹੀਂ ਹੈ। ਸੁਣਵਾਈ ਦੌਰਾਨ ਅਦਾਲਤ ਵਿੱਚ ਮੌਜੂਦ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀ ਸੁਣਵਾਈ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੱਤੀ।

ਉਨ੍ਹਾਂ ਨੇ ਕਿਹਾ ਕਿ ਅਦਾਲਤ ਨੇ ਕੇਜਰੀਵਾਲ ਨੂੰ ਦੋਸ਼ੀ ਨਹੀਂ ਪਾਇਆ ਹੈ। ਉਨ੍ਹਾਂ ਨੂੰ ਜੇਲ੍ਹਾਂ ਵਿੱਚ ਕਿਉਂ ਡੱਕਿਆ ਜਾ ਰਿਹਾ ਹੈ? ਇਨ੍ਹਾਂ ਲੋਕਾਂ ਦਾ ਇੱਕੋ ਇੱਕ ਮਕਸਦ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਦੌਰਾਨ ਜੇਲ੍ਹ ਵਿੱਚ ਬੰਦ ਕਰਨਾ ਹੈ।

Related Post