ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਨੂੰ ਲੈ ਕੇ 17 ਸਤੰਬਰ ਨੂੰ ਛੁੱਟੀ ਦਾ ਐਲਾਨ

Jalandhar News : ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ 17 ਸਤੰਬਰ ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਨਿਗਮਾਂ, ਬੋਰਡਾਂ, ਸਿੱਖਿਆ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ਬੰਦ ਰਹਿਣਗੀਆਂ।

By  KRISHAN KUMAR SHARMA September 15th 2024 04:44 PM

Baba Sodal Mela 2024 : ਜਲੰਧਰ ਦਾ ਮਸ਼ਹੂਰ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ 17 ਸਤੰਬਰ ਨੂੰ ਲਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ 17 ਸਤੰਬਰ ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਨਿਗਮਾਂ, ਬੋਰਡਾਂ, ਸਿੱਖਿਆ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਹ ਹੁਕਮ ਸ਼੍ਰੀ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਸਬੰਧੀ ਲੋਕਾਂ ਦੀ ਸ਼ਰਧਾ ਨੂੰ ਧਿਆਨ ਵਿਚ ਰੱਖਦਿਆਂ ਜਾਰੀ ਕੀਤੇ ਗਏ ਹਨ।

ਦੱਸ ਦਈਏ ਕਿ ਮੇਲੇ 'ਚ ਹਾਜ਼ਰੀ ਭਰਨ ਲਈ ਲੱਖਾਂ ਦੀ ਗਿਣਤੀ ਸ਼ਰਧਾਲੂ ਦੂਰ-ਦੁਰਾਡੇ ਤੋਂ ਆਉਂਦੇ ਹਨ ਅਤੇ ਬਾਬਾ ਜੀ ਦੇ ਦਰਸ਼ਨ ਕਰਦੇ ਹਨ। ਇਸ ਨੂੰ ਲੈ ਕੇ ਹੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਮੇਲੇ ਦੀਆਂ ਤਿਆਰੀਆਂ ਲਗਾਤਾਰ ਚੱਲ ਰਹੀਆਂ ਹਨ ਅਤੇ ਝੂਲੇ ਆਦਿ ਲੱਗ ਚੁੱਕੇ ਹਨ ਤੇ ਸਫਾਈ ਪ੍ਰਬੰਧਾਂ ਦਾ ਵੀ ਪ੍ਰਸ਼ਾਸਨ ਵੱਲੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਮਾਸ ਅਤੇ ਸ਼ਰਾਬ ਦੀ ਵਿਕਰੀ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 17 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਤੋਂ ਇਕ ਕਿਲੋਮੀਟਰ ਦੇ ਦਾਇਰੇ ਵਿਚ ਲਾਗੂ ਹੋਣਗੇ।

Related Post