ਸਰਵਿਸ ਚਾਰਜ ਵਧਾਉਣ ਦੀ ਯੋਜਨਾ ਨੂੰ ਲੈ ਕੇ ਬਾਜਵਾ ਨੇ 'ਆਪ' 'ਤੇ ਨਿਸ਼ਾਨਾ ਸਾਧਿਆ

ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਵਿਗੜਦੀ ਵਿੱਤੀ ਸਥਿਤੀ ਨੂੰ ਸੁਧਾਰਨ 'ਚ ਅਸਫਲ ਰਹੀ ਹੈ।

By  Amritpal Singh November 29th 2024 08:49 AM

ਚੰਡੀਗੜ੍ਹ- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਵਿਗੜਦੀ ਵਿੱਤੀ ਸਥਿਤੀ ਨੂੰ ਸੁਧਾਰਨ 'ਚ ਅਸਫਲ ਰਹੀ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਫ਼ੰਡਾਂ ਦੀ ਕਮੀ ਨਾਲ ਜੂਝ ਰਹੀ 'ਆਪ' ਸਰਕਾਰ ਆਪਣੀ ਆਮਦਨ ਵਧਾਉਣ ਲਈ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਦੇ ਚਾਰਜ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਪਭੋਗਤਾ ਦੇ ਖ਼ਰਚੇ 10 ਤੋਂ 50 ਫ਼ੀਸਦੀ ਤੱਕ ਵਧ ਸਕਦੇ ਹਨ। ਸਰਕਾਰ ਪਹਿਲਾਂ ਹੀ ਸੇਵਾਵਾਂ ਦੇ ਖ਼ਰਚਿਆ ਦੀ ਸਮੀਖਿਆ ਕਰਨ ਲਈ ਮਾਲ, ਸਥਾਨਕ ਸਰਕਾਰਾਂ, ਸਿਹਤ, ਪੁਲਿਸ ਅਤੇ ਟਰਾਂਸਪੋਰਟ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰ ਚੁੱਕੀ ਹੈ। 

ਬਾਜਵਾ ਨੇ ਕਿਹਾ ਕਿ ਨਵੇਂ ਨਿਯੁਕਤ ਵਿੱਤੀ ਸਲਾਹਕਾਰਾਂ ਅਰਬਿੰਦ ਮੋਦੀ ਅਤੇ ਸੇਬਾਸਟੀਅਨ ਜੇਮਜ਼ ਦੀਆਂ ਸਿਫ਼ਾਰਸ਼ਾਂ 'ਤੇ ਚੱਲਦਿਆਂ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਉਣ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦਾ ਵਿੱਤ ਮੰਤਰਾਲਾ ਆਪਣੇ ਹੋਸ਼ ਗੁਆ ਬੈਠਾ ਹੈ। 'ਆਪ' ਸਰਕਾਰ ਸੂਬਿਆਂ ਦੇ ਮੱਧ ਅਤੇ ਗ਼ਰੀਬ ਵਰਗਾਂ ਨੂੰ ਵਿੱਤੀ ਤੌਰ 'ਤੇ ਕਮਜ਼ੋਰ ਕਰਨ ਦਾ ਇੱਕ ਵੀ ਮੌਕਾ ਨਹੀਂ ਛੱਡਦੀ, ਜੋ ਪਹਿਲਾਂ ਹੀ ਰੋਜ਼ੀ-ਰੋਟੀ ਲਈ ਸਖ਼ਤ ਸੰਘਰਸ਼ ਕਰ ਰਹੇ ਹਨ। ਅਸੀਂ ਇੱਕ ਕਲਿਆਣਕਾਰੀ ਸੂਬੇ ਵਿੱਚ ਰਹਿੰਦੇ ਹਾਂ, ਜਿੱਥੇ ਸਰਕਾਰ ਆਪਣੇ ਨਾਗਰਿਕਾਂ ਨੂੰ ਬੁਨਿਆਦੀ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਨੇ ਉਹ ਸਭ ਕੁਝ ਕੀਤਾ ਹੈ ਜੋ ਕਲਿਆਣਕਾਰੀ ਸੂਬੇ ਦੇ ਬੁਨਿਆਦੀ ਸਿਧਾਂਤ ਦੇ ਵਿਰੁੱਧ ਹੈ। 

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਸਤੰਬਰ ਵਿੱਚ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਅਗਸਤ ਵਿੱਚ ਇਸ ਨੇ ਕੁਲੈਕਟਰ ਰੇਟਾਂ ਅਤੇ ਮੋਟਰ ਵਹੀਕਲ ਟੈਕਸ ਵਿੱਚ ਵਾਧਾ ਕੀਤਾ। ਜੂਨ 'ਚ 'ਆਪ' ਸਰਕਾਰ ਨੇ ਬਿਜਲੀ ਦਰਾਂ 'ਚ ਵਾਧਾ ਕੀਤਾ ਸੀ। 

ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਲੋਕਾਂ 'ਤੇ ਟੈਕਸਾਂ ਦਾ ਬੋਝ ਨਹੀਂ ਪਾਉਣਗੇ, ਸਗੋਂ ਹੋਰ ਸਰੋਤਾਂ ਤੋਂ ਮਾਲੀਆ ਇਕੱਠਾ ਕਰਨਗੇ, ਜਿਸ 'ਚ ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਖ਼ਤਮ ਕਰ ਕੇ 34,000 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਦੇ ਸਾਰੇ ਵਾਅਦੇ ਵਿਅਰਥ ਸਾਬਤ ਹੋਏ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਖ਼ਤਮ ਹੋਣ ਦੀ ਕਗਾਰ 'ਤੇ ਹੈ ਅਤੇ 'ਆਪ' ਖ਼ਜ਼ਾਨਾ ਭਰਨ ਲਈ ਟੈਕਸ ਵਧਾ ਰਹੀ ਹੈ।

Related Post