Bangladesh Violence : ਬੰਗਲਾਦੇਸ਼ ਹਿੰਸਾ 'ਚ 97 ਲੋਕਾਂ ਦੀ ਮੌਤ, ਭਾਰਤ ਨੇ ਜਾਰੀ ਕੀਤੀ ਅਡਵਾਈਜ਼ਰੀ
Bangladesh Violence : ਬੰਗਲਾਦੇਸ਼ ਵਿੱਚ ਸੁਰੱਖਿਆ ਬਲਾਂ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਵਿਚਕਾਰ ਭਿਆਨਕ ਹਿੰਸਕ ਝੜਪਾਂ ਦੇ ਵਿਚਕਾਰ ਭਾਰਤ ਵੀ ਅਲਰਟ ਮੋਡ 'ਤੇ ਹੈ। ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ।
Bangladesh Violence : ਬੰਗਲਾਦੇਸ਼ ਇੱਕ ਵਾਰ ਫਿਰ ਹਿੰਸਾ ਦੀ ਅੱਗ ਵਿੱਚ ਸੜ ਰਿਹਾ ਹੈ। ਬੰਗਲਾਦੇਸ਼ 'ਚ ਐਤਵਾਰ ਨੂੰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਹੋਏ ਹਿੰਸਕ ਪ੍ਰਦਰਸ਼ਨਾਂ ਦੌਰਾਨ ਪੁਲਿਸ ਗੋਲੀਬਾਰੀ ਅਤੇ ਝੜਪਾਂ 'ਚ ਘੱਟੋ-ਘੱਟ 91 ਲੋਕ ਮਾਰੇ ਗਏ ਅਤੇ ਸੈਂਕੜੇ ਜ਼ਖਮੀ ਹੋ ਗਏ। ਪੁਲਿਸ ਨੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ। ਬੰਗਲਾਦੇਸ਼ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੱਕ ਦਿਨ ਵਿੱਚ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਨਹੀਂ ਹੋਈ ਸੀ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਸਰਕਾਰੀ ਨੌਕਰੀਆਂ 'ਚ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨ 'ਚ 67 ਲੋਕਾਂ ਦੀ ਮੌਤ ਹੋ ਗਈ ਸੀ। ਐਤਵਾਰ ਨੂੰ ਹੋਈਆਂ ਝੜਪਾਂ ਵਿੱਚ ਘੱਟੋ-ਘੱਟ 13 ਪੁਲਿਸ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ।
ਇਸ ਦੌਰਾਨ ਬੰਗਲਾਦੇਸ਼ ਦੀ ਸ਼ੇਖ ਹਸੀਨਾ ਸਰਕਾਰ ਨੇ ਐਤਵਾਰ ਸ਼ਾਮ 6 ਵਜੇ ਤੋਂ ਦੇਸ਼ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ। ਪਿਛਲੇ ਮਹੀਨੇ ਸ਼ੁਰੂ ਹੋਏ ਮੌਜੂਦਾ ਵਿਰੋਧ ਪ੍ਰਦਰਸ਼ਨਾਂ ਦੌਰਾਨ ਸਰਕਾਰ ਨੇ ਪਹਿਲੀ ਵਾਰ ਅਜਿਹਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਸੋਮਵਾਰ ਤੋਂ ਤਿੰਨ ਦਿਨਾਂ ਦੀ ਆਮ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ। ਬੰਗਲਾਦੇਸ਼ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਇਸ ਦੌਰਾਨ ਭਾਰਤ ਨੇ ਐਤਵਾਰ ਰਾਤ ਨੂੰ ਬੰਗਲਾਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਗੁਆਂਢੀ ਦੇਸ਼ ਵਿੱਚ ਹਿੰਸਾ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ 'ਬਹੁਤ ਜ਼ਿਆਦਾ ਸਾਵਧਾਨੀ' ਵਰਤਣ ਅਤੇ ਆਪਣੀ ਆਵਾਜਾਈ ਨੂੰ ਸੀਮਤ ਕਰਨ ਦੀ ਸਲਾਹ ਦਿੱਤੀ। ਭਾਰਤ ਨੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ।
ਬੰਗਲਾਦੇਸ਼ ਹਿੰਸਾ 'ਤੇ ਭਾਰਤ ਵੀ ਅਲਰਟ ਹੈ
ਬੰਗਲਾਦੇਸ਼ ਵਿੱਚ ਸੁਰੱਖਿਆ ਬਲਾਂ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਕਾਰੀਆਂ ਵਿਚਕਾਰ ਭਿਆਨਕ ਹਿੰਸਕ ਝੜਪਾਂ ਦੇ ਵਿਚਕਾਰ ਭਾਰਤ ਵੀ ਅਲਰਟ ਮੋਡ 'ਤੇ ਹੈ। ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਭਾਰਤ ਨੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਐਡਵਾਈਜ਼ਰੀ ਵਿੱਚ ਕਿਹਾ, 'ਮੌਜੂਦਾ ਘਟਨਾਕ੍ਰਮ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਸਖ਼ਤੀ ਨਾਲ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਗਲੇ ਹੁਕਮਾਂ ਤੱਕ ਬੰਗਲਾਦੇਸ਼ ਦੀ ਯਾਤਰਾ ਨਾ ਕਰਨ।'
ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਅਡਵਾਈਜ਼ਰੀ
ਐਡਵਾਈਜ਼ਰੀ ਮੁਤਾਬਕ, 'ਬੰਗਲਾਦੇਸ਼ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਹੁਤ ਸਾਵਧਾਨੀ ਵਰਤਣ, ਆਪਣੀ ਆਵਾਜਾਈ ਨੂੰ ਸੀਮਤ ਕਰਨ ਅਤੇ ਢਾਕਾ 'ਚ ਭਾਰਤੀ ਹਾਈ ਕਮਿਸ਼ਨ ਨਾਲ ਹਮੇਸ਼ਾ ਸੰਪਰਕ 'ਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।' ਹਾਲਾਂਕਿ ਬੰਗਲਾਦੇਸ਼ ਸਰਕਾਰ ਨੇ ਹਿੰਸਾ ਕਾਰਨ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।