BKU ਲੱਖੋਵਾਲ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਸਬੰਧੀ ਰਣਨੀਤੀ ਦਾ ਖੁਲਾਸਾ, ਦਿੱਤੀ ਇਹ ਚਿਤਾਵਨੀ

BKU Lakhowal On Farmer Protest: ਦੇਸ਼ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਰਣਨੀਤੀ ਦਾ ਖੁਲਾਸਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਜਥੇਬੰਦੀ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਹਰਿੰਦਰ ਸਿੰਘ ਲੱਖੋਵਾਲ ਨੇ ਦਿੱਤੀ ਚਿਤਾਵਨੀ
ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦਾ ਉਨ੍ਹਾਂ ਨੇ ਸਮਰਥਨ ਨਹੀਂ ਕੀਤਾ, ਪਰ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਕੋਈ ਧੱਕਾ ਹੋਇਆ, ਤਾਂ ਸਮੂਹ ਕਿਸਾਨ ਜਥੇਬੰਦੀਆਂ ਰਲ ਕੇ ਮੈਦਾਨ ਵਿੱਚ ਉਤਰਨਗੀਆਂ।
ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਦੇ ਰਹੀ ਸ਼ਹਿ- ਲੱਖੋਵਾਲ
ਜਥੇਬੰਦੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲੱਖੋਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਇਸਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ। ਇਸ ਤਹਿਤ ਸਾਰੇ ਸੜਕੀ ਅਤੇ ਰੇਲ ਆਵਾਜਾਈ ਨੂੰ ਬੰਦ ਕਰਨ ਸਣੇ ਟੋਲ ਪਲਾਜ਼ਿਆਂ ਨੂੰ ਵੀ ਮੁਫਤ ਕੀਤਾ ਜਾਵੇਗਾ। ਇਸ ਦੌਰਾਨ ਸਕੂਲੀ ਵਿਦਿਆਰਥੀਆਂ, ਵਿਆਹਾਂ ਦੀ ਬਾਰਾਤ,ਐਂਬੂਲੈਂਸ ਆਦਿ ਵਰਗੀਆਂ ਜ਼ਰੂਰੀ ਸੇਵਾਵਾਂ ਦੀ ਇਜਾਜ਼ਤ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਕੁਝ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਕੁਚ ਦੇ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰਿਆਂ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ। ਉਨ੍ਹਾਂ ਪੰਜਾਬ-ਹਰਿਆਣਾ ਸਰਹੱਦ ’ਤੇ ਪੁਲਿਸ ਤਾਇਨਾਤੀ ਦੀ ਆਲੋਚਨਾ ਕੀਤੀ। ਪਰ ਜੇਕਰ ਇਨ੍ਹਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਧੱਕਾ ਹੋਇਆ ਤਾਂ ਸਾਰੇ ਕਿਸਾਨ ਸੜਕਾਂ 'ਤੇ ਉਤਰ ਆਉਣਗੇ।
12 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਉਮੀਦ ਜਤਾਈ- ਲੱਖੋਵਾਲ
ਹਾਲਾਂਕਿ ਉਨ੍ਹਾਂ ਨੇ 12 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਉਮੀਦ ਜਤਾਈ ਹੈ। ਇਸੇ ਤਰ੍ਹਾਂ ਉਨ੍ਹਾਂ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ: ਆਖਰ ਫੜ੍ਹਿਆ ਗਿਆ ਬੇਅਦਬੀ ਮਾਮਲਿਆਂ ’ਚ ਭਗੌੜਾ ਡੇਰਾ ਸਿਰਸਾ ਦਾ ਪ੍ਰੇਮੀ ਪ੍ਰਦੀਪ ਕਲੇਰ