Punjab Blast News : ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਧਮਾਕਾ ,ਗ੍ਰਨੇਡ ਹਮਲੇ ਦਾ ਖਦਸ਼ਾ ,ਪੁਲਿਸ ਸਟੇਸ਼ਨ ਤੋਂ 100 ਮੀਟਰ ਦੀ ਦੂਰੀ ਤੇ ਵਾਪਰੀ ਘਟਨਾ
Punjab Blast News : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਜਲੰਧਰ ਘਰ 'ਚ ਬੀਤੀ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਜ਼ੋਰਦਾਰ ਧਮਾਕਾ ਹੋਇਆ ਹੈ

Punjab Blast News : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਜਲੰਧਰ ਘਰ 'ਚ ਬੀਤੀ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਜ਼ੋਰਦਾਰ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੇ ਵਿੱਚ ਖੜੀ ਗੱਡੀ ਅਤੇ ਖਿੜਕੀਆਂ 'ਤੇ ਲੱਗੇ ਸ਼ੀਸ਼ੇ ਟੁੱਟ ਗਏ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਘਰ ਦੇ ਅੰਦਰ ਸਨ।
ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨਾਲ ਕਾਫ਼ੀ ਤਬਾਹੀ ਮਚੀ ਹੈ। ਦੱਸਿਆ ਜਾ ਰਿਹਾ ਹੈ ਕਿ 3 ਹਮਲਾਵਰ ਈ-ਰਿਕਸ਼ਾ ਅਤੇ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਜਿਨ੍ਹਾਂ 'ਚੋਂ ਇੱਕ ਆਰੋਪੀ ਨੇ ਈ-ਰਿਕਸ਼ਾ ਤੋਂ ਹੇਠਾਂ ਉਤਰ ਕੇ ਹੈਂਡ ਗ੍ਰਨੇਡ ਦਾ ਲੀਵਰ ਕੱਢ ਕੇ ਸਾਬਕਾ ਮੰਤਰੀ ਦੇ ਘਰ ਅੰਦਰ ਸੁੱਟ ਦਿੱਤਾ। ਜਿਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ।
ਮਿਲੀ ਜਾਣਕਾਰੀ ਅਨੁਸਾਰ ਮਨੋਰੰਜਨ ਕਾਲੀਆ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਪ੍ਰਾਪਤ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ 4 ਗੰਨਮੈਨ ਅਲਾਟ ਕੀਤੇ ਗਏ ਹਨ। ਸਾਬਕਾ ਕੈਬਨਿਟ ਮੰਤਰੀ ਦਾ ਸੁਰੱਖਿਆ ਇੰਚਾਰਜ ਨਿਸ਼ਾਨ ਸਿੰਘ ਹੈ, ਜੋ ਹਮਲੇ ਤੋਂ ਤੁਰੰਤ ਬਾਅਦ ਬਾਹਰ ਆ ਗਏ ਸਨ। ਇਹ ਧਮਾਕਾ ਜਲੰਧਰ ਦੇ ਸਭ ਤੋਂ ਪ੍ਰਮੁੱਖ ਖੇਤਰ ਸ਼ਾਸਤਰੀ ਮਾਰਕੀਟ ਚੌਕ ਦੇ ਨੇੜੇ ਸਵੇਰੇ 1.03 ਤੋਂ 1.07 ਵਜੇ ਦੇ ਵਿਚਕਾਰ ਹੋਇਆ।
ਜਿਸ ਜਗ੍ਹਾ ਇਹ ਘਟਨਾ ਵਾਪਰੀ, ਉਸ ਤੋਂ 50 ਮੀਟਰ ਦੀ ਦੂਰੀ 'ਤੇ 24 ਘੰਟੇ ਪੁਲਿਸ ਦੀ ਪੀਸੀਆਰ ਟੀਮ ਅਤੇ ਸਿਰਫ਼ 100 ਮੀਟਰ ਦੀ ਦੂਰੀ 'ਤੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ- 3 ਹੈ ਪਰ ਆਰੋਪੀ ਆਏ ਅਤੇ ਸਾਬਕਾ ਮੰਤਰੀ ਦੇ ਘਰ ਦੇ ਅੰਦਰ ਹੈਂਡ ਗ੍ਰਨੇਡ ਸੁੱਟ ਕੇ ਫਰਾਰ ਹੋ ਗਏ।ਫੋਰੈਂਸਿਕ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।
ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਕਈ ਆਗੂ
ਅੱਜ ਸਵੇਰ ਤੋਂ ਹੀ ਭਾਜਪਾ ਸਮੇਤ ਹੋਰ ਪਾਰਟੀਆਂ ਦੇ ਆਗੂ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ਆਉਣੇ ਸ਼ੁਰੂ ਹੋ ਗਏ। ਸਵੇਰੇ-ਸਵੇਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਕੈਬਨਿਟ ਮੰਤਰੀ ਮਹਿੰਦਰ ਭਗਤ, ਪੰਜਾਬ ਭਾਜਪਾ ਦੇ ਸਾਬਕਾ ਮੁਖੀ ਅਸ਼ਵਨੀ ਕੁਮਾਰ ,ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਹੋਰ ਆਗੂ ਪਹੁੰਚੇ ਹਨ।
ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਸੋਸ਼ਲ ਮੀਡਿਆ ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ,''ਪੰਜਾਬ ਵਿੱਚ ਕਾਨੂੰਨ ਦੀ ਉਲੰਘਣਾ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਪੁਲਿਸ ਥਾਣਿਆਂ, ਧਾਰਮਿਕ ਸਥਾਨਾਂ 'ਤੇ ਹਮਲਿਆਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀਆਂ ਮੂਰਤੀਆਂ ਦੀ ਭੰਨਤੋੜ ਤੋਂ ਬਾਅਦ, ਹੁਣ ਇੱਕ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ ਹੋਇਆ ਹੈ। ਇਹ ਸਾਰੀਆਂ ਘਟਨਾਵਾਂ ਸਪੱਸ਼ਟ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ਨੂੰ ਸੰਭਾਲਣ ਵਿੱਚ ਅਸਮਰੱਥ ਹਨ। ਮੁੱਖ ਮੰਤਰੀ ਨੂੰ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵੀ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ ਪੰਜਾਬ ਦੀ ਸ਼ਾਂਤੀ ਨੂੰ ਤਬਾਹ ਕਰਨ ਅਤੇ ਫਿਰਕੂ ਅਸ਼ਾਂਤੀ ਭੜਕਾਉਣ ਦੀ ਇੱਕ ਖ਼ਤਰਨਾਕ ਸਾਜ਼ਿਸ਼ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਇਨ੍ਹਾਂ ਹੀ ਤਾਕਤਾਂ ਨੇ ਇੱਕ ਪੂਜਾ ਸਥਾਨ 'ਤੇ ਹਮਲਾ ਕੀਤਾ ਹੈ ਅਤੇ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਘਟਨਾਵਾਂ ਦੀ ਨਿੰਦਾ ਕਰਦਾ ਹੈ।