ਰਾਜਸਥਾਨ ’ਚ ਪ੍ਰੀਖਿਆ ਦੌਰਾਨ ਕਕਾਰ ਲਹਾਉਣ ਵਾਲੇ ਅਧਿਕਾਰੀਆਂ ਅਤੇ ਕੰਗਨਾ ਰਣੌਤ ਖਿਲਾਫ਼ ਪਰਚਾ ਦਰਜ ਹੋਵੇ : ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅੱਜ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ 'ਚ ਰਾਹੁਲ ਗਾਂਧੀ ਦੇ ਅਭਯ ਮੁਦਰਾ ਮਾਮਲੇ ਤੋਂ ਲੈ ਕੇ ਰਾਜਸਥਾਨ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਲਾਹੁਣ ਲਈ ਮਜ਼ਬੂਰ ਕਰਨ ਅਤੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਖਿਲਾਫ਼ ਵੀ ਮਤੇ ਪਾਸ ਕੀਤੇ ਗਏ ਹਨ।

By  KRISHAN KUMAR SHARMA July 5th 2024 05:39 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੋ ਗ੍ਰੰਥੀ ਸਿੰਘ ਸਾਹਿਬਾਨ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੰਸਦ ਅੰਦਰ ਕਾਂਗਰਸ ਦੇ ਐਮਪੀ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਅਭਯ ਮੁਦਰਾ ਨੂੰ ਜੋੜਨ ਦਾ ਸਖ਼ਤ ਨੋਟਿਸ ਲਿਆ ਗਿਆ। ਇਸ ਤੋਂ ਇਲਾਵਾ ਰਾਜਸਥਾਨ ਅੰਦਰ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਿਰਪਾਨ ਲਾਹੁਣ ਲਈ ਮਜ਼ਬੂਰ ਕਰਨ ਅਤੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਖਿਲਾਫ਼ ਵੀ ਮਤੇ ਪਾਸ ਕੀਤੇ ਗਏ ਹਨ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਨੂੰ ਵੇਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਅ ਰਹੇ ਭਾਈ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਭਾਈ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ ਟੈਸਟ ਲਿਆ ਗਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫ਼ਾਰਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਹੈ।

ਅੰਮ੍ਰਿਤਧਾਰੀ ਵਿਦਿਆਰਥੀ ਨਾਲ ਵਿਤਕਰੇ ਦਾ ਲਿਆ ਨੋਟਿਸ

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਕਈ ਸਿੱਖ ਮਸਲਿਆਂ ਨੂੰ ਏਜੰਡੇ ’ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅੰਦਰ ਬੀਤੇ ਦਿਨੀਂ ਜੁਡੀਸ਼ੀਅਲ ਪ੍ਰੀਖਿਆ ’ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਅਤੇ ਕਰਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਸਰਕਾਰ ਪਾਸੋਂ ਅਧਿਕਾਰੀਆਂ ਵਿਰੁੱਧ ਕਾਰਵਾਈ ਮੰਗੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੋਸ਼ੀਆਂ ਦੇ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਕੇ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੋਣ ਦੇ ਬਾਵਜੂਦ ਵੀ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਕਕਾਰ (ਕਿਰਪਾਨ) ਲਾਹੁਣ ਲਈ ਮਜ਼ਬੂਰ ਕਰਨਾ ਸਿੱਖਾਂ ਨਾਲ ਵਿਤਕਰਾ ਵਖਰੇਵਾਂ ਹੈ, ਜਦਕਿ ਪੰਜ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹੈ। ਭਾਰਤੀ ਸੰਵਿਧਾਨ ਦੇ ਆਰਟੀਕਲ 25 ਤਹਿਤ ਸਿੱਖਾਂ ਨੂੰ ਕਿਰਪਾਨ ਪਾਉਣ ਦਾ ਅਧਿਕਾਰ ਹੈ, ਜਿਸ ਦੇ ਮੱਦੇਨਜ਼ਰ ਰਾਜਸਥਾਨ ਅੰਦਰ ਕੀਤੀਆਂ ਗਈਆਂ ਆਪਹੁਦਰੀਆਂ ਕਾਰਵਾਈਆਂ ਸੰਵਿਧਾਨ ਦੀ ਘੋਰ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਲਿਖਾਪੜ੍ਹੀ ਕਰਨ ਤੋਂ ਇਲਾਵਾ ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਪੈਰਵਾਈ ਕਰਨ ਦਾ ਫੈਸਲਾ ਕੀਤਾ ਹੈ।

ਕੰਗਨਾ ਦੀਆਂ ਟਿੱਪਣੀਆਂ ਖਿਲਾਫ਼ ਮਤਾ ਪਾਸ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਦੀ ਮੰਡੀ ਤੋਂ ਸਾਂਸਦ ਕੰਗਨਾ ਰਣੌਤ ਵੱਲੋਂ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀਆਂ ਦੀ ਵੀ ਅੰਤ੍ਰਿੰਗ ਕਮੇਟੀ ਵੱਲੋਂ ਨਿੰਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਵੱਲੋਂ ਪੰਜਾਬ ਵਿਰੋਧੀ ਨਫ਼ਰਤੀ ਪ੍ਰਗਟਾਵੇ ਉੱਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਾਰਵਾਈ ਨਾ ਕਰਨਾ ਸੂਬੇ ਦੀ ਤਰਜਮਾਨੀ ਤੋਂ ਮੂੰਹ ਮੋੜਨਾ ਹੈ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਹ ਕੰਗਨਾ ਰਣੌਤ ਖਿਲਾਫ਼ ਪਰਚਾ ਦਰਜ ਕਰੇ, ਕਿਉਂਕਿ ਉਸ ਨੇ ਨਫ਼ਰਤੀ ਹਿੰਸਾ ਫੈਲਾ ਕੇ ਪੰਜਾਬੀਆਂ ਨੂੰ ਬਦਨਾਮ ਕੀਤਾ ਹੈ।

ਵਿਦਿਆਰਥੀ ਗੁਰਜੋਤ ਸਿੰਘ ਨੂੰ ਦਿੱਤੀ ਵਧਾਈ

ਇਸ ਮੌਕੇ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਨਿਸ਼ਚੈ ਪ੍ਰਸਾਸ਼ਕੀ ਸੇਵਾਵਾਂ ਸਿਖਲਾਈ ਕੇਂਦਰ ਦੇ ਵਿਦਿਆਰਥੀ ਗੁਰਜੋਤ ਸਿੰਘ ਵੱਲੋਂ ਯੂਪੀਐਸਸੀ ਦੀ ਸਿਵਲ ਸੇਵਾ ਦੀ ਪ੍ਰੀਲੀਮੀਨਰੀ ਪ੍ਰੀਖਿਆ 2024 ਪਾਸ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ।

ਯੋਗਾ ਗਰਲ ਮਾਮਲੇ 'ਚ ਕਹੀ ਇਹ ਗੱਲ

ਸ੍ਰੀ ਦਰਬਾਰ ਸਾਹਿਬ ਵਿਖੇ ਇਕ ਲੜਕੀ ਵੱਲੋਂ ਯੋਗਾ ਕਰਨ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਵੱਲੋਂ ਇਸ ਘਟਨਾ ਉਪਰ ਰਾਏ ਦਿੱਤੀਆਂ ਗਈਆਂ ਹਨ ਅਤੇ ਉਸ ਲੜਕੀ ਵੱਲੋਂ ਵੀ ਲਿਖਤੀ ਤੌਰ ’ਤੇ ਮੁਆਫ਼ੀ ਭੇਜੀ ਗਈ ਹੈ। ਪਰੰਤੂ ਹਰ ਧਾਰਮਿਕ ਅਸਥਾਨ ਦੀ ਇਕ ਮਰਯਾਦਾ ਹੁੰਦੀ ਹੈ ਅਤੇ ਜਾਣਬੁਝ ਕੇ ਕੀਤੀ ਗਈ ਕਾਰਵਾਈ ਬਖ਼ਸ਼ਣਯੋਗ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਬਾਰੇ ਨਿਯਮ ਨਿਰਧਾਰਤ ਕੀਤੇ ਜਾਣਗੇ, ਪਰੰਤੂ ਤੁਰੰਤ ਪ੍ਰਭਾਵ ਤੋਂ ਕਿਸੇ ਵੀ ਕਲਾਕਾਰ ਜਾਂ ਅਦਾਕਾਰ ਨੂੰ ਇਥੇ ਆਪਣੀ ਮਸ਼ਹੂਰੀ ਕਰਨ ਵਾਸਤੇ ਵੀਡੀਓਗ੍ਰਾਫੀ ਕਰਨ ਦੀ ਮਨਾਹੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।

Related Post