ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ
ਮੁਹਾਲੀ: ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੁਣ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸਾਬਕਾ ਮੰਤਰੀ ਦਾ ਤਿੰਨ ਦਿਨ ਦਾ ਰਿਮਾਂਡ ਸ਼ੁੱਕਰਵਾਰ ਨੂੰ ਖਤਮ ਹੋ ਗਿਆ ਜਿਸ ਤੋਂ ਬਾਅਦ ਉਸ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਸੋਮਵਾਰ ਨੂੰ ਸਾਬਕਾ ਮੰਤਰੀ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ।
24 ਫਰਵਰੀ ਤੱਕ ਨਿਆਇਕ ਹਿਰਾਸਤ 'ਚ ਭੇਜਿਆ
ਸਾਧੂ ਸਿੰਘ ਧਰਮਸੋਤ ਨੂੰ ਸ਼ੁੱਕਰਵਾਰ ਸਵੇਰੇ ਵਿਜੀਲੈਂਸ ਬਿਊਰੋ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਚਾਰ ਦਿਨ ਦਾ ਹੋਰ ਰਿਮਾਂਡ ਹਾਸਲ ਕਰਨ ਦੀ ਅਪੀਲ ਕੀਤੀ ਸੀ ਪਰ ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਧਰਮਸੋਤ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਮੁੜ 24 ਫਰਵਰੀ ਨੂੰ ਉਨ੍ਹਾਂ ਦੀ ਅਦਾਲਤ ਵਿੱਚ ਪੇਸ਼ੀ ਹੋਵੇਗੀ।
ਕੀ ਹੈ ਪੂਰਾ ਮਾਮਲਾ
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 21 ਮਾਰਚ 2022 ਤੱਕ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 594.48 ਰੁਪਏ ਸੀ ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888.86 ਰੁਪਏ ਸੀ ਜੋ ਕਿ 6,39,18, 292.39 ਰੁਪਏ ਵੱਧ ਸੀ। ਸਾਧੂ ਸਿੰਘ ਦੀ ਆਮਦਨ ਸਰੋਤਾਂ ਤੋਂ 269 ਵੱਧ ਸੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਬਾਰੇ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਵਜ਼ੀਫ਼ਾ ਘੁਟਾਲੇ ਵਿੱਚ ਕੀਤਾ ਸੀ ਗ੍ਰਿਫ਼ਤਾਰ
2017 ਤੋਂ 2021 ਤੱਕ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹੇ ਧਰਮਸੋਤ ਨੂੰ ਵਜ਼ੀਫ਼ਾ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਰ 89 ਦਿਨਾਂ ਬਾਅਦ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। ਮੰਤਰੀ ਹੁੰਦਿਆਂ ਧਰਮਸੋਤ 'ਤੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ ਤੇ ਐਨਓਸੀ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ ਵੀ ਲੱਗੇ ਹਨ।