ਚੰਡੀਗੜ੍ਹ ਚ AAP ਨੂੰ ਵੱਡਾ ਝਟਕਾ, ਭਾਜਪਾ ਚ ਸ਼ਾਮਲ ਹੋਇਆ ਕੌਂਸਲਰ ਬਿੱਲੂ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਜਸ਼ੈਲੀ ਅਤੇ ਭਾਰਤੀ ਜਨਤਾ ਪਾਰਟੀ (BJP) ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਵਾਰਡ ਨੰਬਰ 31 ਤੋਂ ਕੌਂਸਲਰ ਲਖਬੀਰ ਸਿੰਘ ਬਿੱਲੂ ਨੇ ਆਮ ਆਦਮੀ ਪਾਰਟੀ (aap) ਨੂੰ ਅਲਵਿਦਾ ਕਹਿ ਦਿੱਤਾ ਅਤੇ ਭਾਜਪਾ ਦਾ ਪੱਲਾ ਫੜਿਆ।
ਕਿਰਨ ਖੇਰ ਦੀ ਅਗਵਾਈ 'ਚ ਹੋਏ ਸ਼ਾਮਲ
ਬਿੱਲੂ ਪ੍ਰਦੇਸ਼ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ, ਸੰਸਦ ਮੈਂਬਰ ਕਿਰਨ ਖੇਰ ਅਤੇ ਸਾਬਕਾ ਪ੍ਰਧਾਨ ਸੰਜੇ ਟੰਡਨ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ‘ਆਪ’ ਵਰਕਰ ਕੁਲਬੀਰ ਸਿੰਘ, ਮਨਪ੍ਰੀਤ ਕੁਮਾਰ, ਪੱਪੂ ਅਤੇ ਅਸ਼ੋਕ ਕੁਮਾਰ ਵੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਪਾਰਟੀ ਪਟਕਾ ਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ।
ਇਸ ਮੌਕੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ, ਜੋ ਦੇਸ਼ ਦੀ ਸੇਵਾ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਪਲ ਦੇਸ਼ ਵਾਸੀਆਂ ਦੀ ਸੇਵਾ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੀ ਅਗਵਾਈ 'ਚ ਦੇਸ਼ ਤਰੱਕੀ ਦੇ ਰਾਹ 'ਤੇ ਹੈ ਅਤੇ ਮੁੜ ਵਿਸ਼ਵ ਨੇਤਾ ਬਣਨ ਵੱਲ ਵਧ ਰਿਹਾ ਹੈ। ਇਸ ਸਬੰਧੀ ਉਨ੍ਹਾਂ ਲਖਬੀਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਕੌਂਸਲਰ ਲਖਬੀਰ ਸਿੰਘ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਕੌਂਸਲਰ ਲਖਬੀਰ ਸਿੰਘ ਬਿੱਲੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ ਅਤੇ ਭਾਜਪਾ ਦੀ ਅਗਵਾਈ ਵਿੱਚ ਚੰਡੀਗੜ੍ਹ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਹੋਏ ਹਨ, ਇਨ੍ਹਾਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ। ਹਾਲ ਹੀ ਵਿੱਚ, ਉਹ ਰਾਮ ਮੰਦਰ ਦੇ ਨਿਰਮਾਣ ਦੇ ਕੰਮ ਨੂੰ ਪੂਰਾ ਕਰਨ ਤੋਂ ਬਹੁਤ ਖੁਸ਼ ਹਨ ਜਿਸ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ। ਸੰਸਦ ਮੈਂਬਰ ਕਿਰਨ ਖੇਰ ਅਤੇ ਸਾਬਕਾ ਪ੍ਰਧਾਨ ਸੰਜੇ ਟੰਡਨ ਨੇ ਵੀ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।