MP Amritpal Singh 'ਤੇ ਬਿਆਨ ਦੇਣ ਤੋਂ ਬਾਅਦ ਫਸੇ ਚਰਨਜੀਤ ਚੰਨੀ, ਕਾਂਗਰਸੀ ਨੇ ਵੀ ਛੱਡਿਆ ਕੱਲ੍ਹਾ, ਜਾਣੋ ਕਾਰਨ

ਅੰਮ੍ਰਿਤਪਾਲ ਸਿੰਘ ਸਬੰਧੀ ਚਰਨਜੀਤ ਚੰਨੀ ਵੱਲੋਂ ਲੋਕ ਸਭਾ ਵਿੱਚ ਦਿੱਤੇ ਬਿਆਨ ਤੋਂ ਕਾਂਗਰਸ ਨੇ ਕਿਨਾਰਾ ਕਰ ਲਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਇਸ ਸਬੰਧੀ ਟਵੀਟ ਕਰਕੇ ਸਪੱਸ਼ਟੀਕਰਨ ਦਿੱਤਾ ਹੈ। ਪੜ੍ਹੋ ਪੂਰੀ ਖਬਰ...

By  Dhalwinder Sandhu July 26th 2024 10:23 AM -- Updated: July 26th 2024 02:47 PM

Charanjit Singh Channi Statement on Amritpal Singh : ਲੋਕ ਸਭਾ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ 'ਵਾਰਿਸ ਪੰਜਾਬ ਦੇ' ਮੁਖੀ ਅਤੇ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਬਿਆਨ ਤੋਂ ਪਾਰਟੀ ਨੇ ਦੂਰੀ ਬਣਾ ਲਈ ਹੈ।

ਕਾਂਗਰਸ ਨੇ ਕੀਤਾ ਕਿਨਾਰਾ

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਚੰਨੀ ਦੇ ਬਿਆਨ ਨੂੰ ਉਨ੍ਹਾਂ ਦੀ ਨਿੱਜੀ ਰਾਏ ਕਰਾਰ ਦਿੱਤਾ ਹੈ। ਹਾਲਾਂਕਿ ਕਾਂਗਰਸ ਨੇ ਚੰਨੀ ਦੇ ਬਿਆਨ ਦੀ ਨਿੰਦਾ ਨਹੀਂ ਕੀਤੀ ਹੈ। 

ਚਰਨਜੀਤ ਸਿੰਘ ਚੰਨੀ ਨੇ ਸਦਨ ਵਿੱਚ ਅੰਮ੍ਰਿਤਪਾਲ ਸਿੰਘ ਦਾ ਕੀਤਾ ਜ਼ਿਕਰ

ਸੰਸਦ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਾਲਿਸਤਾਨ ਪੱਖੀ 'ਵਾਰਿਸ ਪੰਜਾਬ ਦੇ' ਮੁਖੀ ਅਤੇ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਸਦਨ 'ਚ ਬਿਆਨ ਦਿੱਤਾ ਸੀ। ਜਿਸ ਵਿੱਚ ਚਰਨਜੀਤ ਸਿੰਘ ਚੰਨੀ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਦੇ ਸਾਂਸਦ ਅੰਮ੍ਰਿਤਪਾਲ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਹਰ ਰੋਜ਼ ਐਮਰਜੈਂਸੀ ਦੀ ਗੱਲ ਕਰਦੇ ਹਾਂ ਪਰ ਅੱਜ ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ ਦਾ ਕੀ ਕਰੀਏ?


ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਇਹ ਵੀ ਇੱਕ ਤਰ੍ਹਾਂ ਦੀ ਐਮਰਜੈਂਸੀ ਹੈ ਜਦੋਂ ਪੰਜਾਬ ਦੇ ਲੱਖਾਂ ਲੋਕਾਂ ਵੱਲੋਂ ਸੰਸਦ ਮੈਂਬਰ ਚੁਣੇ ਗਏ ਵਿਅਕਤੀ (ਅੰਮ੍ਰਿਤਪਾਲ ਸਿੰਘ) ਨੂੰ ਕੌਮੀ ਸੁਰੱਖਿਆ ਐਕਟ ਤਹਿਤ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਜਿਸ ਕਾਰਨ ਉਹ ਆਪਣੇ ਇਲਾਕੇ ਦੇ ਲੋਕਾਂ ਦੇ ਵਿਚਾਰ ਸਦਨ ਵਿੱਚ ਪੇਸ਼ ਨਹੀਂ ਕਰ ਪਾ ਰਹੇ ਹਨ। ਇਹ ਵੀ ਐਮਰਜੈਂਸੀ ਹੈ।

ਸਾਬਕਾ CM ਚੰਨੀ ਦੀ ਰਵਨੀਤ ਸਿੰਘ ਬਿੱਟੂ ਨਾਲ ਬਹਿਸ

ਵੀਰਵਾਰ (25 ਜੁਲਾਈ) ਨੂੰ ਲੋਕ ਸਭਾ 'ਚ ਬਜਟ ਸੈਸ਼ਨ 'ਤੇ ਚਰਚਾ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਿਚਾਲੇ ਸਦਨ 'ਚ ਗਰਮਾ-ਗਰਮੀ ਦੇਖਣ ਨੂੰ ਮਿਲੀ। ਫਿਰ ਵਧਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਕਰੀਬ 35 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਕਿਉਂਕਿ ਚੰਨੀ ਨੇ ਕੇਂਦਰੀ ਮੰਤਰੀ ਬਿੱਟੂ 'ਤੇ ਨਿੱਜੀ ਟਿੱਪਣੀਆਂ ਕੀਤੀਆਂ ਸਨ।

ਕੌਣ ਹੈ ਅੰਮ੍ਰਿਤਪਾਲ ਸਿੰਘ?

'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣਾਂ ਜਿੱਤੀਆਂ ਹਨ, ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਮਾਰਚ ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਉਹਨਾਂ ਦੇ ਖਿਲਾਫ NSA ਤਹਿਤ ਕੇਸ ਚੱਲ ਰਿਹਾ ਹੈ। 

ਇਹ ਵੀ ਪੜ੍ਹੋ: Punjab Weather : ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਮੀਂਹ ਦਾ ਅਲਰਟ, ਜਾਣੋ ਕਦੋਂ ਪਵੇਗਾ ਭਾਰੀ ਮੀਂਹ

Related Post