ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਚਾਰਜਸ਼ੀਟ ਦਾਇਰ, ਆਸ਼ੀਸ਼ ਮਿਸ਼ਰਾ ਸਮੇਤ 14 ਖਿਲਾਫ਼ ਦੋਸ਼ ਆਇਦ
ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਅਦਾਲਤ ਨੇ ਮੰਗਲਵਾਰ ਨੂੰ 14 ਦੋਸ਼ੀਆਂ 'ਤੇ ਦੋਸ਼ ਤੈਅ ਕੀਤੇ ਹਨ। ਸਾਰਿਆਂ ਨੂੰ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ 'ਚ ਦੋਸ਼ੀ ਬਣਾਇਆ ਗਿਆ ਹੈ। ਇਸ ਹਿੰਸਾ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ 'ਟੇਨੀ' ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ।
ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਯਾਨੀ 5 ਦਸੰਬਰ ਨੂੰ ਆਸ਼ੀਸ਼ ਮਿਸ਼ਰਾ ਤੋਂ ਇਲਾਵਾ 13 ਹੋਰ ਦੋਸ਼ੀਆਂ ਦੀਆਂ ਡਿਸਚਾਰਜ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਅਦਾਲਤ ਵਿੱਚ ਪਟੀਸ਼ਨ ਰਾਹੀਂ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਸੀ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਨਹੀਂ ਹਨ। ਇਸ ਲਈ ਅਸੀਂ ਪੂਰੀ ਤਰ੍ਹਾਂ ਬੇਕਸੂਰ ਹਾਂ ਪਰ ਅਦਾਲਤ ਨੇ ਮੁਲਜ਼ਮਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸੁਸ਼ੀਲ ਸ੍ਰੀਵਾਸਤਵ ਦੀ ਅਦਾਲਤ ਵਿੱਚ ਧਾਰਾ 147, 148, 149, 326, 30, 302, 120 ਬੀ, 427 ਅਤੇ ਧਾਰਾ 177 ਤਹਿਤ ਦੋਸ਼ ਆਇਦ ਕੀਤੇ ਗਏ ਹਨ। ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਲਈ ਲੋੜੀਂਦੇ ਆਧਾਰ ਮਿਲੇ ਹਨ। ਇਸ ਤੋਂ ਇਲਾਵਾ ਮੁਲਜ਼ਮ ਸੁਮਿਤ ਜੈਸਵਾਲ ਖ਼ਿਲਾਫ਼ ਧਾਰਾ 3/25, ਆਸ਼ੀਸ਼ ਮਿਸ਼ਰਾ, ਅੰਕਿਤਦਾਸ, ਲਤੀਫ਼ ਅਤੇ ਸਤਿਅਮ ਖ਼ਿਲਾਫ਼ ਧਾਰਾ 30, ਨੰਦਨ ਸਿੰਘ ਬਿਸ਼ਟ ਖ਼ਿਲਾਫ਼ ਧਾਰਾ 5/27 ਤਹਿਤ ਦੋਸ਼ ਆਇਦ ਕੀਤੇ ਗਏ ਹਨ।