ਗਣਤੰਤਰਤਾ ਦਿਵਸ ਮੌਕੇ ਬਠਿੰਡਾ 'ਚ ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਕੌਮੀ ਤਿਰੰਗਾ
ਬਠਿੰਡਾ : ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਕਮਿਸ਼ਨਰ ਨਗਰ ਨਿਗਮ ਰਾਹੁਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਬੈਠਕ ਦੌਰਾਨ ਰਾਹੁਲ ਨੇ ਪੁਲਿਸ ਵਿਭਾਗ ਨੂੰ ਸਮਾਗਮ ਮੌਕੇ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਅਤੇ ਟ੍ਰੈਫ਼ਿਕ ਨੂੰ ਕੰਟਰੋਲ ਕਰਨ ਤੇ ਪਾਰਕਿੰਗ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਵਿਭਾਗ ਨੂੰ ਆਰਮੀ ਵਿਭਾਗ ਨਾਲ ਤਾਲਮੇਲ ਕਰਕੇ ਮਿਲਟਰੀ ਬੈਂਡ ਤੇ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਆਲੇ-ਦੁਆਲੇ ਤੇ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਸਬੰਧੀ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 25 ਜਨਵਰੀ ਤੱਕ ਸ਼ਹਿਰ ਅੰਦਰ ਪ੍ਰਮੁੱਖ ਚੌਂਕਾਂ ਦੀ ਸਜਾਵਟ ਤੇ ਸਵਾਗਤੀ ਗੇਟ ਲਗਾਏ ਜਾਣੇ ਯਕੀਨੀ ਬਣਾਏ ਜਾਣ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਮ ਰਿਹਰਸਲਾਂ ਤੇ ਸਮਾਗਮ ਮੌਕੇ ਮੁੱਢਲੀ ਡਾਕਟਰੀ ਸਹਾਇਤਾ, ਡਾਕਟਰੀ ਟੀਮਾਂ ਅਤੇ ਐਂਬੂਲੈਂਸ ਗੱਡੀ ਸਣੇ ਸਿਹਤ ਸਹੂਲਤਾਂ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ, ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।