CM ਮਾਨ ਦੀ ਪਹਿਲੀ ਕਿਸਾਨ ਮਿਲਣੀ, ਕਿਸਾਨਾਂ ਦੀਆਂ ਦਿੱਕਤਾਂ ਸੁਣ ਕੇ ਮਾਨ ਨੇ ਕਰ ਦਿੱਤਾ ਵੱਡਾ ਐਲਾਨ

By  Pardeep Singh February 12th 2023 07:11 PM

ਲੁਧਿਆਣਾ: ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਪਹਿਲੀ ਵਾਰੀ ਸਰਕਾਰ ਤੇ ਕਿਸਾਨ ਮਿਲਣੀ ਹੋਈ। ਮਿਲਣੀ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮਿਲਣੀ ਵਿੱਚ ਖੇਤੀਬਾੜੀ ਨੂੰ ਲੈ ਕੇ ਕਿਸਾਨਾਂ ਨੂੰ ਜੋ ਸਮੱਸਿਆਂ ਆਉਂਦੀਆਂ ਹਨ ਉਨ੍ਹਾਂ ਉੱਤੇ ਵਿਚਾਰ-ਚਰਚਾ ਕੀਤੀ ਗਈ।

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਯਤਨਸ਼ੀਲ 

ਇਸ ਮੌਕੇ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋਣ ਅਤੇ ਮੁਨਾਫ਼ਾ ਘਟਣ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ।

ਫਸਲੀ ਚੱਕਰ ਵਿਚੋ ਕੱਢਣ ਦੀ ਕੋਸ਼ਿਸ਼ 

  ਭਗਵੰਤ ਮਾਨ ਨੇ ਕਿਸਾਨਾਂ ਨੂੰ ਖੇਤੀ ਦੇ ਰਵਾਇਤੀ ਤਰੀਕਿਆਂ ਨੂੰ ਤਿਆਗ ਕੇ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਲਈ ਅਤਿ-ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਬਦਲਵੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਮੁਹੱਈਆ ਕਰਵਾਉਣ ਦੇ ਮਾਮਲੇ ਨੂੰ ਭਾਰਤ ਸਰਕਾਰ ਕੋਲ ਪਹਿਲਾਂ ਹੀ ਵਿਚਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਕ ਪਾਸੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉੱਥੇ ਦੂਜੇ ਪਾਸੇ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ 'ਤੇ ਵੀ ਵੱਡਾ ਜ਼ੋਰ ਦੇ ਰਹੀ ਹੈ ਅਤੇ ਸੂਬੇ 'ਚ ਜਲਦੀ ਹੀ ਗੰਨੇ, ਲੀਚੀ, ਲਸਣ, ਕਿੰਨੂ ਅਤੇ ਹੋਰ ਫਲਾਂ ਦੇ ਪ੍ਰਾਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ।

 ਬਾਸਮਤੀ ਦੀ ਪੈਦਾਵਾਰ ਨੂੰ ਹੋਰ ਵਧਾਉਣ ਲਈ ਵਿਸ਼ੇਸ਼ ਯਤਨ

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫੀਸਦੀ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਪੈਦਾਵਾਰ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ, ਉੱਥੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ਅਤੇ ਪਾਣੀ ਦੇ ਰੂਪ ਵਿੱਚ ਕੀਮਤੀ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ।

 ਨਹਿਰੀ ਪਾਣੀ ਲਈ ਵਿਚਾਰ-ਚਰਚਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਉਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬੇ ਭਰ ਵਿੱਚ ਸਿੰਜਾਈ ਨੈੱਟਵਰਕ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਟੇਲਾਂ ਵਾਲੇ ਪਿੰਡਾਂ ਤੱਕ ਵੀ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

9000 ਏਕੜ ਜ਼ਮੀਨ ਕਬਜ਼ੇ ਹੇਠੋ ਛਡਾਈ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਹੁਣ ਵਾਧੂ ਕੋਲਾ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਲਈ ਸਹਿਮਤੀ ਦੇਣ ਦੀ ਅਪੀਲ ਕੀਤੀ ਹੈ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕਰ ਰਹੀ ਹੈ ਅਤੇ ਹਰ ਖੇਤਰ ਵਿੱਚ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 9000 ਏਕੜ ਤੋਂ ਵੱਧ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।

Related Post