ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਵਾਦਾਂ 'ਚ ਘਿਰੇ, ਪੁੱਛਗਿੱਛ ਲਈ ਪੁੱਜੇ ਵਿਜੀਲੈਂਸ ਦਫ਼ਤਰ
ਗੁਰਦਾਸਪੁਰ : ਪੰਜਾਬ ਵਿਜੀਲੈਂਸ (Vigilance) ਦੀ ਰਾਡਾਰ ਉਤੇ ਇਕ ਹੋਰ ਕਾਂਗਰਸੀ ਵਿਧਾਇਕ ਆ ਚੁੱਕੇ ਹਨ। ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ (MLA Barindermeet Singh Pahra) ਉਤੇ ਵਿਜੀਲੈਂਸ ਬਿਊਰੋ ਨੇ ਸ਼ਿਕੰਜਾ ਕੱਸ ਲਿਆ ਹੈ। ਵਿਜੀਲੈਂਸ ਵਿਭਾਗ ਵੱਲੋਂ ਤਲਬ ਕੀਤੇ ਜਾਣ ਮਗਰੋਂ ਅੱਜ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਜੀਲੈਂਸ ਦਫਤਰ ਗੁਰਦਾਸਪੁਰ ਵਿਖੇ ਪੇਸ਼ ਹੋਏ।
ਕਾਬਿਲੇਗੌਰ ਹੈ ਕਿ ਵਿਧਾਇਕ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਦਫਤਰ ਵਿਚ ਆਪਣੀ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਇਸੇ ਦੇ ਆਧਾਰ ਉਤੇ ਵਿਜੀਲੈਂਸ ਨੇ ਉਸ ਨੂੰ ਆਪਣਾ ਪੱਖ ਦੇਣ ਲਈ ਸੱਦਿਆ ਹੈ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਵਿਜੀਲੈਂਸ ਵਿਭਾਗ ਦੀ ਇਕ ਚਿੱਠੀ ਵਾਇਰਲ ਹੋਈ ਸੀ, ਜਿਸ ਤਹਿਤ ਵਿਜੀਲੈਂਸ ਵਿਭਾਗ ਵੱਲੋਂ ਬੈਂਕਾਂ ਤੋਂ ਵਿਧਾਇਕ ਤੇ ਉਨ੍ਹਾਂ ਤੇ ਨਜ਼ਦੀਕੀਆਂ ਦੇ ਖਾਤਿਆਂ ਦਾ ਰਿਕਾਰਡ ਮੰਗਿਆ ਗਿਆ ਸੀ।
ਇਹ ਵੀ ਪੜ੍ਹੋ : ਸੰਘਣੀ ਧੁੰਦ ਤੇ ਠੰਢ ਕਾਰਨ ਆਵਾਜਾਈ ਪ੍ਰਭਾਵਿਤ, ਸਰਦੀ ਵੱਧਣ ਦੀ ਪੇਸ਼ੀਨਗੋਈ
ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਦਿਨੀਂ ਬੈਂਕ ਦੇ ਮੈਨੇਜਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਉਨ੍ਹਾਂ ਦੇ ਪਰਿਵਾਰ ਸਣੇ 8 ਵਿਅਕਤੀਆਂ ਦੇ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਸੀ। ਐਸਐਸਪੀ ਵਿਜੀਲੈਂਸ ਨੇ ਵੀ ਬੈਂਕ ਮੈਨੇਜਰ ਤੋਂ ਜਾਣਕਾਰੀ ਲੈਣ ਦੀ ਪੁਸ਼ਟੀ ਕੀਤੀ ਸੀ। ਇਸ ਮਗਰੋਂ ਵਿਜੀਲੈਂਸ ਬਿਊਰੋ ਦਾ ਇਕ ਪੱਤਰ ਵੀ ਸੋਸ਼ਲ ਮੀਡੀਆ ਉਤੇ ਵਾਇਰਲ ਹੋਇਆ ਸੀ।
ਸੋਸ਼ਲ ਮੀਡੀਆ ਉਤੇ ਇਕ ਪੱਤਰ ਵਾਇਰਲ ਹੋਇਆ ਸੀ, ਜਿਸ ਵਿਚ ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੇ ਭਰਾ ਬਲਜੀਤ ਸਿੰਘ ਪਾਹੜਾ, ਹੋਰ ਪਰਿਵਾਰਕ ਮੈਂਬਰਾਂ ਅਤੇ ਕੁਝ ਬਾਹਰੀ ਵਿਅਕਤੀਆਂ ਦੇ ਬੈਂਕ ਖਾਤਿਆਂ ਦੀ ਵਿਜੀਲੈਂਸ ਜਾਂਚ ਦੀ ਅਪੀਲ ਕੀਤੀ ਸੀ। ਦੂਜੇ ਪਾਸੇ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਡਰ ਨਹੀਂ ਹੈ। ਪੱਤਰ ਲੀਕ ਹੋਣ ਦੇ ਮਾਮਲੇ ਉਤੇ ਵੀ ਸਵਾਲੀਆਂ ਨਿਸ਼ਾਨ ਲੱਗ ਗਏ ਸਨ।