ਦੁਬਈ ਤੋਂ ਭਾਰਤ ਪਹੁੰਚੀ ਅਜਨਾਲਾ ਦੇ ਨੌਜਵਾਨ ਦੀ ਮ੍ਰਿਤਕ ਦੇਹ, ਪੀੜਤ ਪਰਿਵਾਰ ਨੇ ਡਾ. ਐਸ.ਪੀ. ਸਿੰਘ ਦਾ ਕੀਤਾ ਧੰਨਵਾਦ
Ajnala News : ਡਾ.ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਅੰਮ੍ਰਿਤਸਰ : ਖਾੜੀ ਮੁਲਕਾਂ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਨੌਜਵਾਨ ਦਾ ਮ੍ਰਿਤਕ ਸਰੀਰ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਪਰਮਿੰਦਰ ਸਿੰਘ ਸੰਧੂ ਅਤੇ ਪਰਿਵਾਰ ਦੇ ਮੈਂਬਰਾਂ ਨੇ ਪ੍ਰਾਪਤ ਕੀਤਾ।
ਜਾਣਕਾਰੀ ਸਾਂਝੀ ਕਰਦਿਆਂ ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਮਾਂ ਪਹਿਲਾਂ ਹੀ ਕਰਜ਼ਾ ਚੁੱਕ ਕੇ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ, ਜਿਸ ਦੀ ਬੀਤੀ 1 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ। ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨ੍ਹਾਂ ਨੂੰ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਜਦ ਉਨ੍ਹਾਂ ਨੇ ਇਸ ਕੇਸ ਦੀ ਪੈਰਵਾਈ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਬਿਕਰਮਜੀਤ ਦੇ ਕੰਮ ਵਾਲੀ ਕੰਪਨੀ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਤੋਂ ਇਨਕਾਰੀ ਹੋ ਗਈ ਹੈ, ਜਿਸ 'ਤੇ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਉਸੇ ਹੀ ਕੰਪਨੀ ਦੇ ਖਰਚ 'ਤੇ ਅੱਜ ਬਿਕਰਮਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ।
ਬਿਕਰਮਜੀਤ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸਦੇ ਭਰਾ ਜਗਰੂਪ ਸਿੰਘ, ਦਲਬੀਰ ਸਿੰਘ, ਸਰਬਜੋਤ ਸਿੰਘ, ਸ਼ਰਨਜੀਤ ਸਿੰਘ, ਧਰਮਿੰਦਰ ਸਿੰਘ, ਰਣਜੀਤ ਸਿੰਘ, ਸੁਖਜਿੰਦਰ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਬਿਕਰਮਜੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਬਜ਼ੁਰਗ ਮਾਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ।
ਚੇਅਰਮੈਨ ਚੇਤਨਪੁਰਾ ਸਮੇਤ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 371 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।