ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਕੀਤੀ ਮੰਗ -ਐਡਵੋਕੇਟ ਧਾਮੀ

ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

By  Amritpal Singh January 28th 2025 03:17 PM -- Updated: January 28th 2025 06:25 PM
ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਕੀਤੀ ਮੰਗ -ਐਡਵੋਕੇਟ ਧਾਮੀ

ਅੰਮ੍ਰਿਤਸਰ- ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ’ਤੇ ਸਰਕਾਰ ਨੂੰ ਫੈਸਲਾ ਕਰਨ ਦੀ ਹਦਾਇਤ ਦੇ ਬਾਵਜੂਦ ਵੀ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋ-ਉਹਲੇ ਕਰਕੇ ਉਸ ਨੂੰ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਤੇ ਪੈਰੋਲ ਦੇ ਚੁੱਕੀ ਹੈ ਅਤੇ ਹੁਣ ਫਿਰ ਦਿੱਲੀ ਦੀਆਂ ਵਿਧਾਨ ਸਭਾ ਅਤੇ ਹਰਿਆਣਾ ਅੰਦਰ ਨਿਗਮ ਚੋਣਾਂ ਵਿਚ ਸਿਆਸੀ ਲਾਹਾ ਲੈਣ ਲਈ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਐਡਵੋਕੇਟ ਧਾਮੀ ਨੇ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ।

Related Post