Guidelines For Cyber Cafe Owners : ਸਾਈਬਰ ਕੈਫ਼ੇ ਦੇ ਮਾਲਕਾਂ ਨੂੰ ਸਖਤ ਨਿਰਦੇਸ਼ ਜਾਰੀ; ਬਿਨਾਂ ਪਛਾਣ ਪੱਤਰ ਦੇ ਨਹੀਂ ਕਰਨਗੇ ਕਿਸੇ ਨੂੰ ਵੀ ਕੈਫੇ ’ਚ ਐਂਟਰ !

ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ।

By  Aarti January 12th 2025 04:21 PM

Guidelines For Cyber Cafe Owners :  ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਅਣਜਾਣ ਵਿਅਕਤੀ ਨੂੰ ਜਿਸਦੀ ਪਹਿਚਾਣ ਕੈਫੇ ਦੇ ਮਾਲਕ ਵੱਲੋਂ ਨਹੀ ਕੀਤੀ ਗਈ, ਸਾਈਬਰ ਕੈਫੇ ਦੀ ਵਰਤੋਂ ਕਰਨ ਤੇ ਰੋਕ ਲਗਾਈ ਜਾਵੇ। ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਸਾਈਬਰ ਕੈਫੇ ’ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਛਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਕਰੈਡਿਟ ਕਾਰਡ ਆਦਿ ਵੇਖ ਕੇ ਕੀਤੀ ਜਾਵੇ। ਸਾਈਬਰ ਕੈਫੇ ਵਿੱਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿੱਚ ਹਸਤਾਖਰ ਕਰੇਗਾ।

ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਬਹੁਤ ਸਾਰੀਆਂ ਦੁਕਾਨਾਂ ਅਤੇ ਕਮਰਸ਼ੀਅਲ ਸਥਾਨ ਹੋਂਦ ਵਿੱਚ ਆ ਰਹੇ ਹਨ, ਜੋ ਕਿ ਸਾਈਬਰ ਕੈਫ਼ੇ ਦੇ ਤੌਰ ’ਤੇ ਜਾਣੇ ਜਾਂਦੇ ਹਨ। ਇਨ੍ਹਾਂ ਸਥਾਨਾਂ ਤੋਂ ਮੁਹੱਈਆ ਕੀਤੀ ਜਾਣ ਵਾਲੀ ਈ-ਮੇਲ ਸੁਵਿਧਾ ਸਹਿਤ ਹੋਰ ਸੁਵਿਧਾਵਾਂ ਦੀ ਵਰਤੋਂ ਲਈ ਬਹੁਤ ਸਾਰੇ ਲੋਕ ਇਨ੍ਹਾਂ ਸਥਾਨਾਂ ’ਤੇ ਜਾਂਦੇ ਹਨ ਅਤੇ ਕੁਝ ਗੈਰ-ਸਮਾਜਿਕ ਤੱਤ, ਅੱਤਵਾਦੀ ਅਤੇ ਅਪਰਾਧੀ ਵੀ ਇਨ੍ਹਾਂ ਸੁਵਿਧਾਵਾਂ ਦੀ ਸੁਰੱਖਿਆ/ਜਾਂਚ ਪੜਤਾਲ ਏਜੰਸੀਆਂ ਨੂੰ ਗੁੰਮਰਾਹ ਕਰਨ, ਜਨਤਾ ਵਿੱਚ ਡਰ ਪੈਦਾ ਕਰਨ, ਆਮ ਜਨਤਾ, ਵੀ.ਆਈ.ਪੀਜ਼ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਅਤੇ ਅੱਤਵਾਦੀ ਗਤੀਵਿਧੀਆਂ ਦੀ ਮਦਦ ਕਰਕੇ ਸਿੱਧੇ ਤੌਰ ’ਤੇ ਰਾਜ ਦੀ ਸੁਰੱਖਿਆ ’ਤੇ ਅਸਰ ਪਾਉਣ ਲਈ ਵਰਤੋਂ ਕਰ ਸਕਦੇ ਹਨ। ਇਸ ਲਈ ਮਨੁੱਖੀ ਜ਼ਿੰਦਗੀਆਂ ਨੂੰ ਖਤਰਿਆਂ ਤੋਂ ਅਤੇ ਕਿਸੇ ਵੀ ਅਜਿਹੀ ਸਥਿਤੀ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਇਹ ਹੁਕਮ 24 ਫਰਵਰੀ 2025 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : Dog attack : ਜ਼ੀਰਕਪੁਰ 'ਚ ਆਵਾਰਾ ਕੁੱਤਿਆਂ ਦਾ ਕਹਿਰ, ਮਾਸੂਮ ਬੱਚਿਆਂ ਸਮੇਤ 10 ਲੋਕਾਂ ਨੂੰ ਕੱਟਿਆ, ਹਮਲੇ ਦੀ ਵੀਡੀਓ ਆਈ ਸਾਹਮਣੇ

Related Post