ਸਰਦ ਰੁੱਤ ਦੇ ਸ਼ੈਸ਼ਨ ਦੌਰਾਨ ਪਹਿਲੇ ਦਿਨ ਹੀ ਪਾਰਲੀਮੈਂਟ 'ਚ ਪਈ ਮਾਂ ਬੋਲੀ ਪੰਜਾਬੀ ਦੀ ਗੂੰਜ
Pardeep Singh
December 7th 2022 08:20 PM
ਸੁਲਤਾਨਪੁਰ ਲੋਧੀ: ਸਰਦ ਰੁੱਤ ਦੇ ਸ਼ੁਰੂ ਹੋਏ ਪਾਰਲੀਮੈਂਟ ਸ਼ੈਸ਼ਨ ਦੇ ਪਹਿਲੇ ਦਿਨ ਹੀ ਰਾਜ ਸਭਾ ਸਦਨ ਵਿੱਚ ਮਾਂ ਪੰਜਾਬੀ ਬੋਲੀ ਦੀ ਗੂੰਜ ਸੁਣਾਈ ਦਿੱਤੀ। ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਦੇ ਨਵੇਂ ਆਏ ਚੇਅਰਮੈਨ ਜਗਦੀਪ ਧਨਖੜ ਦਾ ਸਵਾਗਤ ਕਰਦਿਆ ਉਨ੍ਹਾਂ ਦਾ ਇਸ ਗੱਲ ਲਈ ਧੰਨਵਾਦ ਕੀਤਾ ਕਿ ਸਦਨ ਦੇ ਪਟਲ ‘ਤੇ ਦਿੱਤੇ ਜਾਣ ਵਾਲੇ ਦਸਤਾਵੇਜ ਪੰਜਾਬੀ ਵਿੱਚ ਮੁਹੱਈਆ ਕਰਵਾਏ ਗਏ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਪੰਜਾਬੀ ਮਾਂ ਬੋਲੀ ਵਿੱਚ ਦਸਤਾਵੇਜ ਦਿੱਤੇ ਜਾਣ ‘ਤੇ ਇਸ ਲਈ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਸੰਤ ਸੀਚੇਵਾਲ ਨੇ ਸਦਨ ਵਿੱਚ ਕਿਹਾ ਕਿ ਸਾਬਕਾ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਆਪਣੀ ਵਿਦਾਇਗੀ ਸਮੇਂ ਕਿਹਾ ਸੀ ਕਿ ਇੱਕ ਸੰਸਦ ਮੈਂਬਰ ਖੜਾ ਹੋ ਕੇ ਆਪਣੀ ਮਾਤ ਭਾਸ਼ਾ ਵਿੱਚ ਦਸਤਾਵੇਜ ਕਿਉਂ ਮੰਗੇ ਉਸ ਨੂੰ ਤਾਂ ਪਹਿਲਾਂ ਹੀ ਮਹੁੱਈਆ ਕਰਵਾਏ ਜਾਣੇ ਚਾਹੀਦੇ ਹਨ। ਵੈਂਕਈਆ ਨਾਇਡੂ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਬੜੇ ਯਤਨਸ਼ੀਲ ਰਹੇ ਸਨ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਖੇਤਰੀ ਭਸ਼ਾਵਾਂ ਨੂੰ ਬਣਦਾ ਸਥਾਨ ਦੇਣਾ ਚਾਹੀਦਾ ਹੈ।