ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਧਰਨਾ ਚੁੱਕਣ ਦਾ ਐਲਾਨ...ਸਰਵਨ ਸਿੰਘ ਪੰਧੇਰ ਨੇ ਅਗਲੀ ਰਣਨੀਤੀ ਦੀ ਦੱਸੀ ਰੂਪਰੇਖਾ

ਕਿਸਾਨ ਆਗੂਆਂ ਨੇ ਦੱਸਿਆ ਕਿ 22 ਮਈ ਨੂੰ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋ ਜਾਣਗੇ। ਇਸ ਲਈ ਅਗਲੀ ਰਣਨੀਤੀ ਦਾ ਐਲਾਨ ਸ਼ੰਭੂ ਸਰਹੱਦ, ਦਾਤਾਰਵਾਲੀ ਸਰਹੱਦ ਅਤੇ ਖਨੌਰੀ ਸਰਹੱਦ 'ਤੇ ਲੱਗੇ ਧਰਨਿਆਂ 'ਚ ਇਕੱਠ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

By  KRISHAN KUMAR SHARMA May 20th 2024 02:35 PM -- Updated: May 20th 2024 04:30 PM

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੰਭੂ ਰੇਲਵੇ ਟਰੈਕ 'ਤੇ ਲਾਏ ਧਰਨੇ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਰੇਲਵੇ ਟਰੈਕ ਅੱਜ ਹੀ ਖਾਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਸ਼ੰਭੂ ਸੜਕ 'ਤੇ ਲੱਗਿਆ ਧਰਨਾ ਜਿਉਂ ਦਾ ਤਿਉਂ ਹੀ ਜਾਰੀ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਆਗੂਆਂ ਨੇ ਕਿਹਾ ਹੈ ਕਿ ਅਗਲੀ ਰਣਨੀਤੀ ਦਾ ਐਲਾਨ 22 ਤਰੀਕ ਨੂੰ ਬਾਰਡਰਾਂ 'ਤੇ ਲੱਗੇ ਧਰਨਿਆਂ 'ਚ ਵੱਡਾ ਇਕੱਠ ਕਰਕੇ ਕੀਤਾ ਜਾਵੇਗਾ।

ਹਰਿਆਣਾ ਸਰਕਾਰ ਵੱਲੋਂ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਲਈ ਪਿਛਲੇ ਇੱਕ ਮਹੀਨੇ ਤੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਰੇਲ ਰੋਕੋ ਅੰਦੋਲਨ ਸਬੰਧੀ ਬੋਲਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਅੱਜ ਸ਼ਾਮ ਤੁਰੰਤ ਪ੍ਰਭਾਵ ਨਾਲ ਕਿਸਾਨ ਸ਼ੰਭੂ ਰੇਲਵੇ ਸਟੇਸ਼ਨ 'ਤੇ ਧਰਨਾ ਨੂੰ ਚੁੱਕ ਦੇਣਗੇ ਅਤੇ ਆਪਣੇ ਸਾਥੀ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਉਣ ਵਾਲੇ ਦਿਨਾਂ 'ਚ ਸਟੇਸ਼ਨਾਂ ਅਤੇ ਰੇਲਵੇ ਟਰੈਕਾਂ ਤੋਂ ਉੱਠ ਕੇ ਪੰਜਾਬ ਅਤੇ ਹਰਿਆਣਾ ਦੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਰਨਗੇ।

ਇਸਤੋਂ ਪਹਿਲਾਂ ਕਿਸਾਨ ਅੰਦੋਲਨ 2 ਦੇ 100 ਦਿਨ ਪੂਰੇ ਹੋਣ ਅਤੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਤਿੰਨ ਕਿਸਾਨਾਂ ਦੀ ਰਿਹਾਈ ਲਈ ਚੱਲ ਰਹੇ ਰੇਲ ਰੋਕੋ ਅੰਦੋਲਨ ਦੇ ਸਬੰਧ ਵਿੱਚ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ (ਗੈਰ ਸਿਆਸੀ) ਵੱਲੋਂ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਅੰਦੋਲਨ 2 ਦੇ 100 ਦਿਨ ਪੂਰੇ ਹੋਣ 'ਤੇ ਸ਼ੰਭੂ ਬਾਰਡਰ, ਖਨੋਰੀ, ਡੱਬਵਾਲੀ ਅਤੇ ਰਤਨਪੁਰਾ ਵਿਖੇ ਵਿਸ਼ਾਲ ਕਿਸਾਨ ਕਾਨਫਰੰਸਾਂ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਦੇਸ਼ ਭਰ ਤੋਂ ਕਾਨਫਰੰਸ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਦੇ ਠਹਿਰਣ ਅਤੇ ਲੰਗਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵੱਧ ਰਹੀ ਗਰਮੀ ਅਤੇ ਤਾਪਮਾਨ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਤਰੀਕ ਨੂੰ ਪਟਿਆਲਾ ਵਿਖੇ ਹੋਣ ਵਾਲੀ ਚੋਣ ਰੈਲੀ ਬਾਰੇ ਬੋਲਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਸੁਖਜੀਤ ਸਿੰਘ ਖਹਿਰਾ ਅਤੇ ਸੁਰਜੀਤ ਫੂਲ ਨੇ ਦੱਸਿਆ ਕਿ ਉਹਨਾਂ ਦੇ ਸੱਦੇ ਅਨੁਸਾਰ ਕਿਸਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਵਿਧਾਨਕ ਅਤੇ ਜਮਹੂਰੀ ਢੰਗ ਨਾਲ ਸਵਾਲ ਵੀ ਕਰਨਗੇ ਅਤੇ ਉਨ੍ਹਾਂ ਨੂੰ ਪੁੱਛਣਗੇ ਕਿ ਉਨ੍ਹਾਂ ਨੇ ਪਿਛਲੇ ਅੰਦੋਲਨ ਵਿੱਚ ਕਿਸਾਨਾਂ ਨਾਲ ਧੋਖਾ ਅਤੇ ਝੂਠ ਕਿਉਂ ਬੋਲਿਆ। ਆਖ਼ਰ ਲਿਖਤੀ ਰੂਪ ਵਿਚ ਦੇਣ ਦੇ ਬਾਵਜੂਦ ਉਨ੍ਹਾਂ ਨੇ ਵਾਅਦਾ ਕਿਉਂ ਤੋੜਿਆ? 

ਦੱਸਣਾ ਬਣਦਾ ਹੈ ਕਿ ਕਿਸਾਨਾਂ ਵੱਲੋਂ 13 ਫਰਵਰੀ ਨੂੰ ਅੰਦੋਲਨ ਤਹਿਤ ਦਿੱਲੀ ਜਾਣ ਦਾ ਐਲਾਨ ਕੀਤਾ ਸੀ, ਜਿਸ ਦੌਰਾਨ ਕਈ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਕਿਸਾਨ ਉਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਸ਼ੰਭੂ ਰੇਲਵੇ ਟਰੈਕ ‘ਤੇ ਧਰਨਾ ਦਿੱਤਾ।

Related Post