ਫਿਰੋਜ਼ਪੁਰ ਗੈਸ ਲੀਕ ਮਾਮਲਾ; ਸ਼੍ਰੋਮਣੀ ਕਮੇਟੀ ਕਰਵਾਏਗੀ ਪੀੜਤਾਂ ਦਾ ਇਲਾਜ : ਐਡਵੋਕੇਟ ਧਾਮੀ

ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਸੰਵੇਦਨਸ਼ੀਲ ਥਾਵਾਂ ਉੱਤੇ ਆਮ ਸੰਗਤ ਅਤੇ ਬੱਚਿਆਂ ਨੂੰ ਨਾ ਜਾਣ ਦੇਣ ਅਤੇ ਸੰਗਤ ਵੱਲੋਂ ਸੇਵਾ ਲਈ ਯੋਗ ਸੁਰੱਖਿਅਤ ਪ੍ਰਬੰਧ ਲਾਜ਼ਮੀ ਕੀਤੇ ਜਾਣ।

By  KRISHAN KUMAR SHARMA August 2nd 2024 07:11 PM

ਅੰਮ੍ਰਿਤਸਰ : ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰਵਾਏਗੀ।

ਉਨ੍ਹਾਂ ਕਿਹਾ ਕਿ ਇਸ ਘਟਨਾ ਮਗਰੋਂ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜੀ ਗਈ ਹੈ, ਜੋ ਮੁਕੰਮਲ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਇਸ ਦੌਰਾਨ ਪ੍ਰਭਾਵਿਤ ਹੋਏ ਬੱਚਿਆਂ ਤੇ ਸੇਵਾਦਾਰਾਂ ਨਾਲ ਸ਼੍ਰੋਮਣੀ ਕਮੇਟੀ ਹਰ ਪੱਧਰ ਉੱਤੇ ਖੜ੍ਹੀ ਹੈ ਅਤੇ ਆਪਣੀ ਜਿੰਮੇਵਾਰੀ ਸਮਝਦਿਆਂ ਉਨ੍ਹਾਂ ਦੇ ਇਲਾਜ ਦਾ ਖਰਚਾ ਕਰੇਗੀ।

ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਸੰਵੇਦਨਸ਼ੀਲ ਥਾਵਾਂ ਉੱਤੇ ਆਮ ਸੰਗਤ ਅਤੇ ਬੱਚਿਆਂ ਨੂੰ ਨਾ ਜਾਣ ਦੇਣ ਅਤੇ ਸੰਗਤ ਵੱਲੋਂ ਸੇਵਾ ਲਈ ਯੋਗ ਸੁਰੱਖਿਅਤ ਪ੍ਰਬੰਧ ਲਾਜ਼ਮੀ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕਰਨ ਵਾਸਤੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

Related Post