ਫਿਰੋਜ਼ਪੁਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਪਟਵਾਰ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਮਾਲ ਪਟਵਾਰੀ ਰੇਸ਼ਮ ਸਿੰਘ ਵਿਰੁੱਧ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਆਨਲਾਈਨ ਸ਼ਿਕਾਇਤ ਮਿਲੀ ਸੀ ਉਸ ਤੋਂ ਜਾਂਚ ਕੀਤੀ ਗਈ ਅਤੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਛਿੰਦਰਪਾਲ ਕੌਰ ਵਾਸੀ ਰਾਏਕੋਟ ਜ਼ਿਲ੍ਹਾ ਲੁਧਿਆਣਾ ਨੇ ਇਲਜ਼ਾਮ ਲਗਾਇਆ ਸੀ ਕਿ ਉਕਤ ਪਟਵਾਰੀ ਨੇ ਉਸ ਦੀ ਮਾਤਾ ਦੀ ਮੌਤ ਤੋਂ ਬਾਅਦ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ ਉਸ ਦੇ ਪਤੀ ਤੋਂ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਪਹਿਲਾਂ ਹੀ 10,000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਹੈ ਅਤੇ ਸ਼ਿਕਾਇਤ ਸਮੇਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਬਿਓਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।