ਰੋਸ ਮੁਜ਼ਾਹਰਿਆਂ ਦੀ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਬੰਧੀ ਗਠਿਤ ਕਮੇਟੀ ਦੀ ਪਲੇਠੀ ਮੀਟਿੰਗ ਭਲਕੇ

ਰੋਸ ਪ੍ਰਦਰਸ਼ਨਾਂ, ਮੁਜ਼ਾਹਰਿਆਂ, ਧਰਨਿਆਂ ਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦੇ ਰੁਝਾਨ ਸਬੰਧੀ ਕੋਈ ਯੋਗ ਨਿਰਣਾ ਲੈਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਸੰਪਰਦਾਵਾਂ ਦੇ ਮੁੱਖੀਆਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ‘ਤੇ ਆਧਾਰਿਤ 16 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ।

By  Jasmeet Singh March 5th 2023 03:05 PM

ਫਿਰੋਜ਼ਪੁਰ: ਰੋਸ ਪ੍ਰਦਰਸ਼ਨਾਂ, ਮੁਜ਼ਾਹਰਿਆਂ, ਧਰਨਿਆਂ ਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦੇ ਰੁਝਾਨ ਸਬੰਧੀ ਕੋਈ ਯੋਗ ਨਿਰਣਾ ਲੈਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਸੰਪਰਦਾਵਾਂ ਦੇ ਮੁੱਖੀਆਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ‘ਤੇ ਆਧਾਰਿਤ 16 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ। 

ਜਿਸ ਦੀ ਅਹਿਮ ਮੀਟਿੰਗ 6 ਮਾਰਚ ਨੂੰ ਦਿਨ ਦੇ 12:30 ਵਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਵਿਖੇ ਸਥਿਤ ਮਾਹਲਪੁਰੀ ਹਾਲ ਵਿਖੇ ਹੋਵੇਗੀ। ਜਿਸ ਕਮੇਟੀ ਨੇ 15 ਦਿਨਾਂ ਦੇ ਅੰਦਰ ਆਪਣੀ ਸਾਂਝੀ ਰਾਇ ਅਨੁਸਾਰ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇਗੀ। ਇਸ ਸਬ ਕਮੇਟੀ ਦੇ ਕੋ-ਆਰਡੀਨੇਟਰ ਸਾਬਕਾ ਫੈਡਰੇਸ਼ਨ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਪੰਥਕ ਸਲਾਹਕਾਰ ਬੋਰਡ ਦੇ ਮੈਂਬਰ ਕਰਨੈਲ ਸਿੰਘ ਪੀਰ-ਮੁਹੰਮਦ ਨੇ ਇਹ ਜਾਣਕਾਰੀ ਦਿੱਤੀ। 

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੋਂ ਜਾਰੀ ਕੀਤੇ ਪੱਤਰ ਅਨੁਸਾਰ ਸਬ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨਾਂ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਬਾਬਾ ਹਰਨਾਲ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਜਥੇਦਾਰ ਬਾਬਾ ਬਲਵੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾਂ, ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਤਲਵਿੰਦਰ ਸਿੰਘ ਬੁੱਟਰ ਪੱਤਰਕਾਰ ਅਤੇ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਸਬ ਕਮੇਟੀ ਵੱਲੋਂ ਗੁਰਬਾਣੀ, ਸਿਧਾਂਤ, ਇਤਿਹਾਸ, ਮਰਿਆਦਾ ਅਤੇ ਪਰੰਪਰਾ ਦੀ ਰੌਸ਼ਨੀ ਵਿਚ ਧਰਨਿਆਂ, ਮੁਜ਼ਾਹਰਿਆਂ ਅਤੇ ਕਬਜ਼ਿਆਂ ਵਾਲੇ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦੇ ਵੱਧ ਰਹੇ ਰੁਝਾਨ ਸਬੰਧੀ ਰਾਇ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ, ਜਿਸ ਦੇ ਆਧਾਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਭਵਿੱਖ ਲਈ ਕੋਈ ਢੁੱਕਵੀਂ ਤੇ ਮਰਿਆਦਕ ਨੀਤੀ ਤੈਅ ਕੀਤੀ ਜਾਵੇਗੀ।

Related Post