ਵਿਜੀਲੈਂਸ ਦੀ ਰਾਡਾਰ 'ਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਆਮਦਨ ਦਾ ਲੇਖਾ-ਜੋਖਾ ਮੰਗਿਆ

By  Ravinder Singh October 30th 2022 11:10 AM -- Updated: October 30th 2022 11:13 AM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿਛਲੀ ਕਾਂਗਰਸ ਸਰਕਾਰ ਦੇ ਇਕ ਹੋਰ ਸਾਬਕਾ ਮੰਤਰੀ ਪੰਜਾਬ ਵਿਜੀਲੈਂਸ ਬਿਊਰੋ ਦੀ ਰਾਡਾਰ ਉਤੇ ਆ ਗਏ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਵਿਜੀਲੈਂਸ ਨੇ ਸਾਬਕਾ ਮੰਤਰੀ ਖ਼ਿਲਾਫ਼ ਘੋਖ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੀ ਟੀਮ ਵੱਲੋਂ ਕਾਂਗਰਸ ਦੇ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ 'ਚ ਪੜਤਾਲ ਆਰੰਭੀ ਗਈ ਹੈ।



ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੋਵਾਂ ਦੀ ਕਾਂਗਰਸ ਸਰਕਾਰਾਂ ਸਮੇਂ ਵਿਜੈਇੰਦਰ ਸਿੰਗਲਾ ਲੋਕ ਨਿਰਮਾਣ ਵਿਭਾਗ ਮੰਤਰੀ ਰਹੇ ਹਨ। ਵਿਜੀਲੈਂਸ ਦੀ ਇਸ ਕਾਰਵਾਈ ਮਗਰੋਂ ਕਾਂਗਰਸ ਦਾ ਇਹ 5 ਸਾਬਕਾ ਮੰਤਰੀ ਹੈ ਜੋ ਵਿਜੀਲੈਂਸ ਦੀ ਰਾਡਾਰ ਉਪਰ ਆ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜ਼ੀਆਂ,ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਖਿਲਾਫ਼ ਸ਼ਿਕੰਜਾ ਕੱਸਿਆ ਜਾ ਚੁੱਕਾ ਹੈ। ਸੂਤਰਾਂ ਅਨੁਸਾਰ ਸੱਤਾ ਤਬਦੀਲੀ ਤੋਂ ਬਾਅਦ ਸਾਬਕਾ ਲੋਕ ਨਿਰਮਾਣ ਮੰਤਰੀ  ਖਿਲਾਫ਼ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਵਿਜੀਲੈਂਸ ਦਾ ਇਹ ਵੀ ਦੱਸਣਾ ਹੈ ਕਿ ਸਰੋਤਾਂ ਤੋਂ ਜ਼ਿਆਦਾ ਆਮਦਨ ਦੀ ਪੜਤਾਲ ਦੌਰਾਨ ਸਮੁੱਚੇ ਅਸਾਸਿਆਂ, ਪਿਛਲੇ ਸਮੇਂ ਦੀ ਆਮਦਨ ਦਾ ਲੇਖਾ ਜੋਖਾ ਮੰਗਿਆ ਗਿਆ ਹੈ।  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਲੋਕ ਨਿਰਮਾਣ ਮੰਤਰੀ ਖਿਲਾਫ਼ ਚੱਲ ਰਹੀ ਜਾਂਚ ਨੂੰ ਪੂਰੇ ਨਿਰਪੱਖ ਤਰੀਕੇ ਨਾਲ ਸਿਰੇ ਲਾਉਣ ਅਤੇ ਬਣਦੀ ਕਾਰਵਾਈ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਪਠਾਨਕੋਟ ਦੇ ਹਲਕੇ ਭੋਆ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਰਿਹਾਇਸ਼, ਫਾਰਮ ਹਾਊਸ ਤੇ ਕਰੱਸ਼ਰ ਉਤੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ ਸੀ। ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਨੇੜੇ-ਤੇੜੇ ਦੇ ਘਰਾਂ ਵਿੱਚ ਵੀ ਇਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ ਸੀ। ਸਾਬਕਾ ਵਿਧਾਇਕ ਜੋਗਿੰਦਰ ਪਾਲ ਆਪਣੇ ਕਾਰਜਕਾਲ ਦੌਰਾਨ ਅਕਸਰ ਸੁਰਖੀਆਂ ਵਿੱਚ ਰਹਿੰਦੇ ਸਨ। 

ਇਹ ਵੀ ਪੜ੍ਹੋ : ਕੋਠਾ ਗੁਰੂ ਦੇ ਖੇਤ 'ਚੋਂ ਮਿਲਿਆ ਪਾਕਿਸਤਾਨ ਦੇ ਸਾਬਕਾ ਪੀਐਮ ਇਮਰਾਨ ਖ਼ਾਨ ਦੀ ਪਾਰਟੀ ਦਾ ਬੈਨਰ

Related Post