Parkash Purab : ਭਲਕੇ ਪਾਕਿਸਤਾਨ ਜਾਵੇਗਾ 763 ਸਿੱਖ ਸ਼ਰਧਾਲੂਆਂ ਦਾ ਜਥਾ, ਸ਼੍ਰੋਮਣੀ ਕਮੇਟੀ ਨੇ ਵੰਡੇ ਵੀਜ਼ਾ ਲੱਗੇ ਪਾਸਪੋਰਟ

Guru Nanak Dev ji Parkash Purab : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ।

By  KRISHAN KUMAR SHARMA November 13th 2024 12:44 PM

Guru Nanak Dev ji Parkash Purab : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ ਪਲਵਿੰਦਰ ਸਿੰਘ ਤੇ ਗੁਰਮੀਤ ਸਿੰਘ ਜਾਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ ਪਲਵਿੰਦਰ ਸਿੰਘ ਵੀ ਮੌਜੂਦ ਸਨ।

Related Post