ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ: ਮੋਦੀ
ਨਵੀਂ ਦਿੱਲੀ : ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ ਹਨ ਤੇ ਦੇਸ਼ ਹਮੇਸ਼ਾ ਉਨ੍ਹਾਂ ਤੋਂ ਸੇਧ ਲੈਂਦਾ ਰਹੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਾਮਲ ਹੋਏ ਤੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (CAA) ਰਾਹੀਂ ਵੰਡ ਤੋਂ ਪ੍ਰਭਾਵਿਤ ਹਿੰਦੂ ਅਤੇ ਸਿੱਖ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦਾ ਰਾਹ ਪੱਧਰਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਸਮਾਗਮ ਕੌਮੀ ਘੱਟ ਗਿਣਤੀ ਮਾਮਲਿਆਂ ਬਾਰੇ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਦੀ ਰਿਹਾਇਸ਼ ਉਤੇ ਕਰਵਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਨੇ ਇਸ ਮੌਕੇ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਅਰਦਾਸ ਵਿੱਚ ਵੀ ਸ਼ਮੂਲੀਅਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਰਾ ਸੰਸਾਰ ਅੱਜ ਔਖੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਅਜਿਹੇ ਸਮੇਂ ਵਿਚ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਮਸ਼ਾਲ ਵਾਂਗ ਨਵੀਂ ਦਿਸ਼ਾ ਦੇਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਗੁਰੂ ਨਾਨਕ ਦੇਵ ਜੀ ਵਰਗੇ ਮਹਾਨ ਗੁਰੂਆਂ ਤੋਂ ਅਧਿਆਤਮਕ ਤੇ ਨੈਤਿਕ ਅਗਵਾਈ ਪ੍ਰਾਪਤ ਹੋਈ ਜਿਨ੍ਹਾਂ ਨੇ ਮਨੁੱਖਤਾ 'ਚ ਅਟੱਲ ਸਚਾਈਆਂ ਅੰਦਰੂਨੀ ਏਕਤਾ, ਦਇਆ ਤੇ ਸਹੀ ਦਾ ਸਾਥ ਦੇਣ ਦੀ ਜੋਤ ਜਗਾਈ।
ਇਹ ਵੀ ਪੜ੍ਹੋ : ਜੁਰਮਾਨਾ ਨਾ ਭਰਨ ਵਾਲੇ 25 ਡੇਅਰੀ ਮਾਲਕਾਂ ਨੂੰ ਅਦਾਲਤ ਨੇ ਭੇਜੇ ਸੰਮਨ
ਗੂਰੂ ਨਾਨਕ ਦੇਵ ਜੀ ਵਰਗੇ ਅਧਿਆਤਮਕ ਆਗੂਆਂ ਦੀਆਂ ਸਿੱਖਿਆਵਾਂ ਉਪਰ ਚੱਲਦਿਆਂ ਦੇਸ਼ ਲੋਕ ਭਲਾਈ ਦੀ ਭਾਵਨਾ ਨਾਲ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਨੇ ਸਾਨੂੰ ਦਿਆਲੂ ਗੁਣਾਂ ਵਾਲੀ ਜ਼ਿੰਦਗੀ ਦਾ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ। ਉਨ੍ਹਾਂ ਦੇ ਸ਼ਬਦ ਤੇ ਸਾਖੀਆਂ ਸਮੁੱਚੀ ਮਨੁੱਖਤਾ ਦੀ ਅਧਿਆਤਮਕ ਵਿਰਾਸਤ ਹਨ ਤੇ ਇਕ ਸ਼ਾਂਤੀਪੂਰਨ ਸੰਸਾਰ ਦੀ ਸਿਰਜਣਾ ਲਈ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ। ਮੋਦੀ ਨੇ ਸਰਕਾਰ ਵੱਲੋਂ ਸਿੱਖਾਂ ਤੇ ਸਿੱਖ ਵਿਰਾਸਤਾਂ ਦੀ ਸੁਰੱਖਿਆ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਵੀ ਕੀਤਾ।