Paddy Harvesting : ਕਿਸਾਨਾਂ ਲਈ ਅਹਿਮ ਖ਼ਬਰ, ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਵੱਢਣ ’ਤੇ ਪਾਬੰਦੀ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਲੈ ਕੇ ਸਵੇਰੇ 09.00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਕੱਟਣ ‘ਤੇ ਅਤੇ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੁਹੰਦ ਨੂੰ ਸਾੜਨ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

By  Dhalwinder Sandhu September 27th 2024 02:52 PM

Paddy Harvesting : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਲੈ ਕੇ ਸਵੇਰੇ 09.00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਕੱਟਣ ‘ਤੇ ਅਤੇ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਅਤੇ  ਫ਼ਸਲੀ ਰਹਿੰਦ-ਖੁਹੰਦ ਨੂੰ ਸਾੜਨ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਕੋਈ ਵੀ ਕੰਬਾਈਨ ਮਾਲਕ ਬਿਨ੍ਹਾਂ ਐਸ.ਐਮ.ਐਸ ਲਗਾਏ ਝੋਨੇ ਦੀ ਕਟਾਈ ਨਹੀਂ ਕਰੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ  ਹੋਣ ਦੇ ਮੱਦੇਨਜ਼ਰ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਅਤੇ ਮੌਸਮੀ ਤਬਦੀਲੀ ਕਾਰਨ ਝੋਨੇ ਦੀ ਫਸਲ ‘ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲਾ ਹੋ ਜਾਂਦਾ ਹੈ। ਇਹ ਕੰਬਾਈਨਾ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ ਅਤੇ ਝੋਨੇ ਵਿੱਚ ਵੱਧ ਨਮੀ ਦਾ ਕਾਰਨ ਬਣਦੀ ਹੈ, ਜਿਸਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਦੇਸ਼ ਦੇ ਉਤਪਾਦਨ ‘ਤੇ ਵੀ ਅਸਰ ਪੈਂਦਾ ਹੈ। 

ਇਸ ਤਰ੍ਹਾਂ ਝੋਨੇ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਜ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆ ਉਸ ਝੋਨੇ ਨੂੰ ਖਰੀਦਣ ਤੋਂ ਅਸਮਰਥ ਹੁੰਦੀਆ ਹਨ। ਜਿਸ ਕਾਰਨ ਕਿਸਾਨਾਂ ਦੀ ਮੰਡੀਆਂ ਵਿਚ ਖਜਲ-ਖੁਆਰੀ ਤੋ ਇਲਾਵਾ ਅਮਨ-ਕਾਨੂੰਨ ਦੀ ਸਥਿਤੀ ਦੇ ਵਿਗੜਨ ਦੇ ਆਸਾਰ ਵੱਧ ਜਾਂਦੇ ਹਨ। ਇਸ ਤੋਂ ਇਲਾਵਾ ਕੰਬਾਈਨਾਂ ਦੇ ਮਾਲਕ ਬਿਨ੍ਹਾਂ ਐਸ.ਐਮ.ਐਸ ਲਗਾਏ ਝੋਨੇ ਦੀ ਕਟਾਈ ਕਰਦੇ ਹਨ, ਜਿਸ ਨਾਲ ਪ੍ਰਦੂਸ਼ਨ ਫੈਲਦਾ ਹੈ।

ਇਸ ਤੋਂ ਇਲਾਵਾ ਇਸ ਦਫਤਰ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਿੱਟੀ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। 

ਇਸ ਸਬੰਧ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ ਨੂੰ ਸਾੜਨ ’ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ਵਿੱਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਹ ਹੁਕਮ ਮਿਤੀ 24.09.2024 ਤੋਂ ਮਿਤੀ 23.11.2024 ਤੱਕ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।

ਇਹ ਵੀ ਪੜ੍ਹੋ : Jagtar Singh Hawara : ਸੁਪਰੀਮ ਕੋਰਟ ਨੇ ਜਗਤਾਰ ਸਿੰਘ ਹਵਾਰਾ ਵੱਲੋਂ ਦਾਇਰ ਪਟੀਸ਼ਨ ’ਤੇ ਨੋਟਿਸ ਕੀਤਾ ਜਾਰੀ, ਜਾਣੋ ਕਾਰਨ

Related Post