ਪਿੰਡ ਮੁਰਾਦਪੁਰਾ 'ਚ ਬੇਅਦਬੀ ਦੀ ਘਟਨਾ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀ : ਜਥੇਦਾਰ ਗਿਆਨੀ ਰਘਬੀਰ ਸਿੰਘ

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਸਕੱਤਰ ਨੂੰ ਆਦੇਸ਼ ਕੀਤਾ ਹੈ ਕਿ ਪਿੰਡ ਮੁਰਾਦਪੁਰਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਹੋਈ ਬੇਅਦਬੀ ਦੀ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਭੇਜੀ ਜਾਵੇ।

By  KRISHAN KUMAR SHARMA December 27th 2024 07:50 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ, ਪੱਤੀ ਰਾਮਪੁਰਾ ਆਬਾਦੀ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਬੇਅਦਬੀ ਦੀਆਂ ਹਿਰਦੇਵੇਦਕ ਘਟਨਾਵਾਂ ਰੋਕਣ ਵਿਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਈਆਂ ਹਨ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਸਕੱਤਰ ਨੂੰ ਆਦੇਸ਼ ਕੀਤਾ ਹੈ ਕਿ ਪਿੰਡ ਮੁਰਾਦਪੁਰਾ ਦੀ ਪੱਤੀ ਰਾਮਪੁਰਾ ਆਬਾਦੀ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਹੋਈ ਬੇਅਦਬੀ ਦੀ ਮੁਕੰਮਲ ਪੜਤਾਲ ਕਰਕੇ ਪੰਜ ਦਿਨਾਂ ਦੇ ਅੰਦਰ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਭੇਜੀ ਜਾਵੇ।

ਉਨ੍ਹਾਂ ਨੇ ਸਖਤ ਲਹਿਜ਼ੇ ਵਿਚ ਆਖਿਆ ਕਿ ਪੜਤਾਲ ਦੌਰਾਨ ਜੇਕਰ ਗੁਰਦੁਆਰਾ ਪ੍ਰਬੰਧਕ ਵੀ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਪਰੰਪਰਾ ਅਨੁਸਾਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 

Related Post