Dallewal Sandesh : "ਹੁਣ ਤੱਕ 7 ਲੱਖ ਕਿਸਾਨ...ਖੁਦਕੁਸ਼ੀਆਂ ਨੂੰ ਠੱਲ੍ਹ ਪਾਉਣਾ ਜ਼ਰੂਰੀ..." ਜਗਜੀਤ ਸਿੰਘ ਨੇ ਕਿਸਾਨਾਂ ਨੂੰ ਦਿੱਤਾ ਸੁਨੇਹਾ
Jagjit Dallewal Sandesh To Farmers : ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣਾ ਜ਼ਰੂਰੀ ਹੈ। ਸਰਕਾਰੀ ਅੰਕੜੇ ਦੱਸਦੇ ਹਨ ਕਿ ਲਗਭਗ 4 ਲੱਖ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ, ਪਰ ਅਸਲ ਅੰਕੜਿਆਂ ਵਿੱਚ ਹੁਣ ਤੱਕ 7 ਲੱਖ ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
Dallewal Sandesh To Farmers : ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਕਿਸਾਨਾਂ ਦੀ ਸ਼ਨੀਵਾਰ ਮਹਾਪੰਚਾਇਤ ਹੋਈ, ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਵੱਧ ਚੜ ਕੇ ਸ਼ਮੂਲੀਅਤ ਕੀਤੀ ਅਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸੰਘਰਸ਼ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਹੁੰਗਾਰਾ ਭਰਿਆ। ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਇੱਥੇ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕੀਤਾ।
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਲਗਾਤਾਰ ਭੁੱਖ ਹੜਤਾਲ 'ਤੇ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਲਗਾਤਾਰ ਘਟਦੀ ਜਾ ਰਹੀ ਹੈ। ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦੀ ਸਿਹਤ ਦੇ ਮਸਲੇ ਨੂੰ ਲੈ ਕੇ ਮਾਮਲਾ ਚੱਲ ਰਿਹਾ ਹੈ।
ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਨੇ ਹਾਜ਼ਰ ਕਿਸਾਨਾਂ ਦੇ ਹਜੂਮ ਨੂੰ ਦੱਸਿਆ, ''ਪੁਲਿਸ ਨੇ ਮੈਨੂੰ ਉਠਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ। ਪਰ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਪੰਜਾਬ ਅਤੇ ਹਰਿਆਣਾ ਤੋਂ ਸੈਂਕੜੇ ਨੌਜਵਾਨਾਂ ਨੇ ਸਾਡੇ ਕੋਲ ਪਹੁੰਚ ਕੇ ਮੋਰਚਾ ਸੰਭਾਲ ਲਿਆ। ਜੋ ਅੱਜ ਮੋਰਚੇ 'ਤੇ ਪਹੁੰਚੇ ਹਨ, ਇਹ ਵਾਹਿਗੁਰੂ ਦੀ ਕਿਰਪਾ ਨਾਲ ਹੀ ਹੈ। ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਅਸੀਂ ਮੋਰਚਾ ਜਿੱਤ ਕੇ ਰਹਾਂਗੇ।''
ਉਨ੍ਹਾਂ ਨੇ ਅੱਗੇ ਕਿਹਾ, ''ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣਾ ਜ਼ਰੂਰੀ ਹੈ। ਸਰਕਾਰੀ ਅੰਕੜੇ ਦੱਸਦੇ ਹਨ ਕਿ ਲਗਭਗ 4 ਲੱਖ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ, ਪਰ ਅਸਲ ਅੰਕੜਿਆਂ ਵਿੱਚ ਹੁਣ ਤੱਕ 7 ਲੱਖ ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਡੱਲੇਵਾਲ ਨੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ, ਤਾਂ ਜੋ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।''
ਸੰਬੋਧਨ ਦੀ ਸਮਾਪਤੀ ਤੋਂ ਬਾਅਦ ਡੱਲੇਵਾਲ ਨੂੰ ਸਟੇਜ ਤੋਂ ਉਤਾਰ ਦਿੱਤਾ ਗਿਆ। ਇਸ ਦੇ ਨਾਲ ਹੀ 4 ਵਜੇ ਹੋਣ ਵਾਲੀ ਪ੍ਰੈੱਸ ਕਾਨਫਰੰਸ ਵੀ ਰੱਦ ਕਰ ਦਿੱਤੀ ਗਈ। ਜਗਜੀਤ ਡੱਲੇਵਾਲ 40 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ 4 ਜਨਵਰੀ ਨੂੰ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ।