ਜੰਮੂ-ਕਸ਼ਮੀਰ: ਬਡਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਲਾਸ਼ੀ ਮੁਹਿੰਮ ਜਾਰੀ

By  Ravinder Singh January 15th 2023 02:38 PM

ਜੰਮੂ : ਜੰਮੂ-ਕਸ਼ਮੀਰ ਦੇ ਬਡਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਦੇ ਨਾਲ ਹੀ ਫ਼ੌਜ ਵੱਲੋਂ ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਅੱਤਵਾਦੀਆਂ ਨੂੰ ਫੜਨ ਵਾਲੇ ਰਸਤਿਆਂ 'ਤੇ ਸੁਰੱਖਿਆ ਬਲ ਤਾਇਨਾਤ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਰੇਡਬਗ ਮਾਗਾਮ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਜਦੋਂ ਸੁਰੱਖਿਆ ਬਲ ਇਕ ਛੁਪਣਗਾਹ 'ਤੇ ਪਹੁੰਚੇ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ।



ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ 28 ਦਸੰਬਰ ਨੂੰ ਜੰਮੂ ਦੇ ਬਾਹਰਵਾਰ ਸਿਧਰਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਦੌਰਾਨ ਜੰਮੂ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਸੀ ਕਿ ਇਲਾਕੇ 'ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ 'ਚ ਤਿੰਨੋਂ ਅੱਤਵਾਦੀ ਮਾਰੇ ਗਏ ਸਨ।

ਇਹ ਪੜ੍ਹੋ : ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅੰਤਿਮ ਸੰਸਕਾਰ ਅੱਜ

ਅਧਿਕਾਰੀ ਨੇ ਦੱਸਿਆ ਸੀ ਕਿ ਤਲਾਸ਼ੀ ਦੌਰਾਨ ਇਕ ਸ਼ੱਕੀ ਟਰੱਕ ਦੇਖਿਆ ਗਿਆ, ਜਿਸ ਤੋਂ ਬਾਅਦ ਇਸ ਦੀ ਜਾਂਚ ਕੀਤੀ ਗਈ ਸੀ। ਟਰੱਕ 'ਚ ਲੁਕੇ ਤਿੰਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ 'ਚ ਤਿੰਨੋਂ ਅੱਤਵਾਦੀ ਮਾਰੇ ਗਏ ਸਨ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ। ਦਰਅਸਲ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੂੰ ਖਤਮ ਕਰਨ ਲਈ ਆਪ੍ਰੇਸ਼ਨ ਆਲ ਆਊਟ ਸ਼ੁਰੂ ਕੀਤਾ ਗਿਆ ਹੈ।

Related Post