Amritsar Blast: ਅੰਮ੍ਰਿਤਸਰ ਧਮਾਕਾ ਮਾਮਲੇ ਦੀ ਕੇਂਦਰੀ ਏਜੰਸੀਆਂ ਡੂੰਘਾਈ ਨਾਲ ਕਰਨ ਜਾਂਚ: ਜਥੇਦਾਰ ਸਾਬ੍ਹ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਲਗਾਤਾਰ ਆਏ ਦਿਨ ਹੋਏ ਧਮਾਕਿਆਂ ਦੀ ਨਿੰਦਾ ਕੀਤੀ ਹੈ।

By  Ramandeep Kaur May 11th 2023 01:40 PM

Amritsar Blast:  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਲਗਾਤਾਰ ਆਏ ਦਿਨ ਹੋਏ ਧਮਾਕਿਆਂ ਦੀ ਨਿੰਦਾ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ  ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਕਿਤੇ ਇਹ ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਦੀ ਭਾਵਨਾ ਤਹਿਤ ਕੀਤੇ ਹਮਲੇ ਤਾਂ ਨਹੀਂ। 

ਜੋ ਮੁਲਜ਼ਮ ਫੜੇ ਗਏ ਹਨ ਉਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਕਿ ਇਨ੍ਹਾਂ ਪਿੱਛੇ ਕਿਹੜੀਆਂ ਤਾਕਤਾਂ ਹਨ। ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਪਿਛਲੇ ਦਿਨੀਂ ਜੋ ਦਰਬਾਰ ਸਾਹਿਬ ਪ੍ਰਤੀ ਨਫ਼ਰਤ ਦਾ ਮਾਹੌਲ ਸਿਰਜਿਆ ਗਿਆ ਕਿਤੇ ਇਹ ਧਮਾਕੇ ਉਸ ਦਾ ਸਿੱਟਾ ਤਾਂ ਨਹੀਂ ਹਨ। ਇਸ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਾਜ਼ਿਸ਼ਕਰਤਾ ਬੇਨਕਾਬ ਹੋ ਸਕਣ ਤੇ ਕੋਈ ਵੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਬਾਰੇ ਸੋਚ ਵੀ ਨਾ ਸਕਣ।


ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਹੋ ਸਕਦੀ ਹੈ। ਉਨ੍ਹਾਂ ਡੂੰਘੀ ਚਿੰਤਾ ਜਤਾਉਂਦਿਆਂ ਕੇਂਦਰੀ ਏਜੰਸੀਆਂ ਨੂੰ ਡੂੰਘਾਈ ਨਾਲ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। 

ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਧਮਾਕੇ ਕਿਸੇ ਗਹਿਰੀ ਸਾਜ਼ਿਸ਼ ਤੇ ਵੋਟ ਧਰੁਵੀਕਰਨ ਦੀ ਗੰਦੀ ਰਾਜਨੀਤੀ ਦੇ ਚੱਲਦਿਆਂ ਸਿੱਖਾਂ ਖ਼ਿਲਾਫ਼ ਨਫ਼ਰਤੀ ਪ੍ਰਚਾਰ ਦਾ ਸਿਰਜਿਆ ਜਾ ਰਿਹਾ ਬਿਰਤਾਂਤ ਤਾਂ ਨਹੀਂ ਹੈ, ਇਸ ਗੱਲ ਦੀ ਪੜਤਾਲ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਤੇ ਪੁਲਿਸ ਨੂੰ ਅਪੀਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਤਾਂ ਜੋ ਸਾਜ਼ਿਸ਼ਕਰਤਾਵਾਂ ਦੀ ਪਰਦਾਫਾਸ਼ ਹੋ ਸਕੇ।

ਦੱਸ ਦਈਏ ਕਿ  ਬੀਤੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਜ਼ੋਰਦਾਰ ਧਮਾਕਾ ਹੋਇਆ ਹੈ।ਧਮਾਕੇ ਦਾ ਇਹ ਸਥਾਨ ਪਹਿਲੇ ਸਥਾਨ ਤੋਂ ਬਿਲਕੁਲ ਵੱਖਰਾ ਹੈ।ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1 ਕਿਲੋਮੀਟਰ ਦੀ ਦੂਰੀ 'ਤੇ ਹੈ। ਇਹ ਧਮਾਕਾ 12:12 ਵਜੇ ਦੇ ਕਰੀਬ ਹੋਇਆ।


Related Post