ਪ੍ਰਕਾਸ਼ ਪੁਰਬ ਦੇ ਸਬੰਧ 'ਚ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਨਿਗਮ ਕਮਿਸ਼ਨਰ ਨਾਲ ਵਿਚਾਰ-ਵਟਾਂਦਰਾ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੁੱਧਵਾਰ ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪ੍ਰਸ਼ਾਸਨ ਵਲੋਂ ਕੀਤੀਆਂ ਜਾਣ ਵਾਲੀਆਂ ਲੋੜੀਦੀਆਂ ਵਿਵਸਥਾਵਾਂ ਦੇ ਸਬੰਧ ਵਿਚ ਯੋਗ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬਿਹਤਰੀਨ ਪ੍ਰਬੰਧਾਂ ਦੀਆਂ ਤਿਆਰੀਆਂ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਵਿਚ ਸਾਫ-ਸਫਾਈ ਅਤੇ ਸੁੰਦਰਤਾ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੁੱਧਵਾਰ ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪ੍ਰਸ਼ਾਸਨ ਵਲੋਂ ਕੀਤੀਆਂ ਜਾਣ ਵਾਲੀਆਂ ਲੋੜੀਦੀਆਂ ਵਿਵਸਥਾਵਾਂ ਦੇ ਸਬੰਧ ਵਿਚ ਯੋਗ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਇਸ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਪਿਛਲੇ ਸਾਲਾਂ ਨਾਲੋਂ ਵੱਧ ਸੰਗਤਾਂ ਪੁੱਜਣਗੀਆਂ, ਜਿਸ ਨੂੰ ਮੱਦੇਨਜ਼ਰ ਰੱਖਦਿਆਂ ਸ੍ਰੀ ਅੰਮ੍ਰਿਤਸਰ ਸ਼ਹਿਰ ਵਿਚ ਨਗਰ ਨਿਗਮ ਦੇ ਪ੍ਰਬੰਧਾਂ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਖੇਤਰਾਂ ਵਿਚ ਸਫਾਈ ਅਤੇ ਸੁਚਾਰੂ ਵਿਵਸਥਾ ਦੀ ਵਧੇਰੇ ਲੋੜ ਹੈ।
ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੀ ਨਗਰ ਨਿਗਮ ਦੇ ਕਮਿਸ਼ਨਰ ਨਾਲ ਪਾਵਨ ਗੁਰਪੁਰਬਾਂ ਦੇ ਮੱਦੇਨਜ਼ਰ ਨਗਰ ਨਿਗਮ ਦੇ ਗੋਚਰੇ ਕੁਝ ਅਹਿਮ ਸੁਝਾਅ ਦਿੱਤੇ। ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਨਗਰ ਨਿਗਮ ਸੁਚਾਰੂ ਵਿਵਸਥਾ ਅਤੇ ਸਾਫ-ਸਫਾਈ ਵਿਚ ਕਿਸੇ ਕਿਸਮ ਦੀ ਢਿੱਲ ਨਹੀਂ ਰਹਿਣ ਦੇਵੇਗੀ। ਉਨ੍ਹਾਂ ਕਿਹਾ ਕਿ ਪਾਵਨ ਗੁਰਪੁਰਬਾਂ ਮੌਕੇ ਦੇਸ਼-ਵਿਦੇਸ਼ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜਣ ਵਾਲੀਆਂ ਸੰਗਤਾਂ ਲਈ ਨਗਰ ਨਿਗਮ ਦੇ ਪ੍ਰਬੰਧ ਯਾਦਗਾਰੀ ਹੋਣਗੇ ਅਤੇ ਗੁਰੂ ਨਗਰੀ ਨੂੰ ਸੋਹਣਾ ਤੇ ਸਾਫ-ਸੁਥਰਾ ਰੱਖਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ।