ਪਿੰਡ ਢਿੱਲਵਾਂ 'ਚ ਬੇਅਦਬੀ ਦੀ ਘਟਨਾ ਦਾ ਜਥੇਦਾਰ ਰਘਬੀਰ ਸਿੰਘ ਨੇ ਲਿਆ ਸਖ਼ਤ ਨੋਟਿਸ, ਦੋਸ਼ੀਆਂ ਖਿਲਾਫ਼ ਮੰਗੀ ਸਖਤ ਕਾਰਵਾਈ

ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬੜੀ ਡੂੰਘੀ ਅਤੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪਿਛਲੇ ਅਰਸੇ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਅਸਹਿਣਯੋਗ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ।

By  KRISHAN KUMAR SHARMA May 30th 2024 09:15 PM

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੰਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਅਤੇ ਸਮਰਾਲਾ ਨੇੜਲੇ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਬੜੀ ਡੂੰਘੀ ਅਤੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪਿਛਲੇ ਅਰਸੇ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਅਸਹਿਣਯੋਗ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕਾਨੂੰਨ ਤੇ ਨਿਆਂਪ੍ਰਬੰਧ ਵੀ ਬੇਅਦਬੀਆਂ ਪਿਛਲੇ ਅਸਲ ਸਾਜ਼ਿਸ਼ਕਾਰਾਂ ਤੇ ਉਨ੍ਹਾਂ ਦੇ ਮਕਸਦ ਨੂੰ ਬੇਪਰਦ ਕਰਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਵਿਚ ਨਾਕਾਮ ਰਿਹਾ ਹੈ, ਜਿਸ ਕਾਰਨ ਗੁਰੂ ਦੋਖੀਆਂ ਦੇ ਹੌਂਸਲੇ ਵਧੇ ਹਨ।

ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿਚ ਬੇਅਦਬੀ ਦੀਆਂ ਦੋਵੇਂ ਘਟਨਾਵਾਂ ਦੇ ਦੋਸ਼ੀ ਫੜੇ ਗਏ ਹਨ ਅਤੇ ਹੁਣ ਪੁਲਿਸ ਤੇ ਕਾਨੂੰਨ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਦੋਸ਼ੀਆਂ ਕੋਲੋਂ ਪੁੱਛਗਿੱਛ ਕਰਕੇ ਸਾਜ਼ਿਸ਼ਕਾਰਾਂ ਨੂੰ ਵੀ ਸਾਹਮਣੇ ਲਿਆਵੇ ਤੇ ਸਾਰੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਵਾਰ-ਵਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਸੰਗਤਾਂ ਸਰਕਾਰ ਦੇ ਕਾਨੂੰਨ ਦੀ ਅਸਫਲਤਾ ਕਾਰਨ ਖੁਦ ਇਨਸਾਫ ਕਰਨ ਲਈ ਮਜਬੂਰ ਨਾ ਹੋਣ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਦੋਵਾਂ ਘਟਨਾਵਾਂ ਦੀ ਪੜਤਾਲ ਕਰਵਾ ਰਹੇ ਹਨ ਅਤੇ ਪ੍ਰਬੰਧਕੀ ਪੱਧਰ ‘ਤੇ ਵੀ ਜ਼ਿੰਮੇਵਾਰ ਪਾਏ ਜਾਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

Related Post