ਕੌਮੀ ਇਨਸਾਫ਼ ਮੋਰਚੇ ਵੱਲੋਂ 26 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ

By  Ravinder Singh January 16th 2023 02:46 PM -- Updated: January 16th 2023 03:29 PM

ਚੰਡੀਗੜ੍ਹ : ਬੰਦੀ ਸਿੱਖਾਂ ਦੀ ਰਿਹਾਈ ਤੇ ਹੋਰ ਮੰਗਾਂ ਦਾ ਮਾਮਲਾ ਦਿਨ-ਬ-ਦਿਨ ਭਖਦਾ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਦੀ ਹਦੂਦ ਉਤੇ ਪੱਕਾ ਮੋਰਚਾ ਲਗਾ ਦਿੱਤਾ ਹੈ।

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ 26 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ ਅਤੇ ਗਣਤੰਤਰ ਦਿਹਾੜੇ ਮੌਕੇ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਮਾਰਚ ਕਰਕੇ ਨਾਅਰੇਬਾਜ਼ੀ ਕੀਤੀ ਜਾਵੇਗੀ।

ਰੋਸ ਮਾਰਚ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ  ਉਠਾਇਆ ਜਾਵੇਗਾ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਹੋਵੇਗੀ। ਵਿਧਾਨ ਸਭਾ ਵੱਲੋਂ ਬਣਾਏ ਬੇਅਦਬੀਆਂ ਵਿਰੁੱਧ ਕਾਨੂੰਨ ਨੂੰ ਲਾਗੂ ਕਰਨ ਦੀ ਵੀ ਮੰਗ ਹੋਵੇਗੀ।

 ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਪੰਜਾਬ ਭਰ ਅਤੇ ਦਿੱਲੀ ਦੇ ਕੁਝ ਕਿਸਾਨ ਜਥੇਬੰਦੀਆਂ ਤੇ ਕਿਸਾਨ ਯੂਨੀਅਨਾਂ ਦੇ ਨਾਲ ਵਾਈਪੀਐਸ ਚੌਕ ਵਿਖੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਹੱਡ ਚੀਰਵੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤ ਪੁੱਜ ਰਹੀ ਹੈ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀ ਦੋਹਰੀ ਨੀਤੀ ਦੀ ਨਿਖੇਧੀ ਕੀਤੀ ਜਾ ਰਹੀ ਹੈ। 


ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਲੋਕ ਵੱਡੀ ਗਿਣਤੀ ਵਿਚ ਪੁੱਜ ਰਹੇ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘ ਦੀ ਰਿਹਾਈ ਵਿਚ ਅੜਿੱਕਾ ਪਾਉਣ ਦੇ ਦੋਸ਼ ਲਗਾਏ ਗਏ। ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਦੋਹਰਾ ਕਾਨੂੰਨ ਅਪਣਾ ਰਹੀਆਂ ਹਨ। ਇਹ ਮਨੁੱਖੀ ਅਧਿਕਾਰਾਂ ਦੀ ਵੀ ਉਲੰਘਣਾ ਹੈ।

ਇਹ ਵੀ ਪੜ੍ਹੋ : ਲਤੀਫਪੁਰਾ ਮੁੜ ਵਸੇਬਾ ਮੋਰਚੇ ਦੇ ਸੱਦੇ 'ਤੇ ਹਾਈਵੇ ਤੇ ਰੇਲਵੇ ਟਰੈਕ ਜਾਮ, ਕੈਬਨਿਟ ਮੰਤਰੀ ਬੈਂਸ ਜਾਮ 'ਚ ਫਸੇ

ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਕਿਸੇ ਨਾਲ ਵੀ ਗੱਲ ਕਰਨ ਨਹੀਂ ਜਾਣਗੇ ਅਤੇ ਜੇਕਰ ਕਿਸੇ ਨੇ ਉਨ੍ਹਾਂ ਨਾਲ ਗੱਲ ਕਰਨੀ ਹੈ ਅਤੇ ਉਹ ਮੋਰਚੇ 'ਚ ਪਹੁੰਚ ਕੇ ਗੱਲ ਕਰੇ। ਇਸ ਮੋਰਚੇ ਵਿਚ ਰਾਤ ਨੂੰ ਲੋਕਾਂ ਦੇ ਠਹਿਰਨ ਲਈ ਟੈਂਟਾਂ ਤੇ ਕੰਬਲਾਂ-ਰਜਾਈਆਂ ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸੇ ਨੂੰ ਮੁਸ਼ਕਿਲ ਪੇਸ਼ ਨਾ ਆਵੇ। ਸੰਗਤ ਲਈ ਟੈਂਟ ਵੀ ਲਗਾਏ ਗਏ ਹਨ। ਇਸ ਦੌਰਾਨ ਵੱਡੀ ਗਿਣਤੀ 'ਚ ਪੰਜਾਬ ਦੀ ਮੋਹਾਲੀ ਪੁਲਿਸ ਅਤੇ ਚੰਡੀਗੜ੍ਹ ਪੁਲਸ ਦੀ ਫੋਰਸ ਤਾਇਨਾਤ ਕੀਤੀ ਗਈ ਹੈ।

Related Post