ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

Maharaja Ranjit Singh death anniversary : ਇਹ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਅਤੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰਕੇ 30 ਜੂਨ ਨੂੰ ਅਟਾਰੀ ਵਾਘਾ ਸਰੱਹਦ ਰਾਹੀ ਵਾਪਸ ਭਾਰਤ ਪੁੱਜੇਗਾ।

By  KRISHAN KUMAR SHARMA June 21st 2024 09:32 AM -- Updated: June 21st 2024 09:36 AM

 Maharaja Ranjit Singh death anniversary : ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮਨਾਉਣ ਦੇ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਸਵੇਰੇ 8 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਰਵਾਨਾ ਹੋਇਆ। ਇਹ ਜੱਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਅਤੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰਕੇ 30 ਜੂਨ ਨੂੰ ਅਟਾਰੀ ਵਾਘਾ ਸਰੱਹਦ ਰਾਹੀ ਵਾਪਸ ਭਾਰਤ ਪੁੱਜੇਗਾ।

ਇਸ ਤੋਂਪਹਿਲਾਂ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਮੈਂਬਰਾਂ ਨੂੰ ਪੁਰਾਤਨ ਰਵਾਇਤ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਤੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਸਿਹਰੇ ਭੇਂਟ ਕਰਕੇ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਬੱਸਾਂ ਰਾਹੀਂ ਅਟਾਰੀ ਸਰਹਦ ਭੇਜਿਆ ਗਿਆ, ਜਿਥੋਂ ਸ਼ਰਧਾਲੂ ਅਟਾਰੀ ਵਾਘਾ ਸਰਹਦ ਦੇ ਸੜਕੀ ਰਸਤੇ ਪਕਿਸਤਾਨ ਲਈ ਰਵਾਨਾ ਹੋਣਗੇ। ਇਸ ਮੌਕੇ ਜੱਥੇ ਨਾਲ ਜਾ ਰਹੇ ਸ਼ਰਧਾਲੂਆ ਦੇ ਚਿਹਰੇ 'ਤੇ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।

ਸ਼ਰਧਾਲੂਆਂ ਨੇ ਕਿਹਾ ਕਿ ਅੱਜ ਅਸੀਂ ਵਡਭਾਗੇ ਹਾਂ ਕਿ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕਿਹਾ ਕਿ ਵਾਹਿਗੁਰੂ ਸਭ ਨੂੰ ਆਪਣੇ ਗੁਰੂ ਘਰ ਦੇ ਦਰਸ਼ਨ ਦੀਦਾਰੇ ਕਰਾਵੇ ਤੇ ਸਭ ਦੀਆਂ ਮਨੋਕਾਮਨਾ ਪੂਰੀਆਂ ਹੋਣ। ਦੱਸ ਦਈਏ ਕਿ 340 ਸ਼ਰਧਾਲੂਆਂ ਨੇ ਵੀਜ਼ੇ ਲਈ ਅਰਜ਼ੀ ਦਿੱਤੀ ਸੀ, ਪਰ 317 ਦੇ ਕਰੀਬ ਸ਼ਰਧਾਲੂਆਂ ਦੇ ਹੀ ਵੀਜ਼ੇ ਲੱਗੇ, ਜੋ ਪਾਕਿਸਤਾਨ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਦੇ ਲਈ ਜਾ ਰਹੇ ਹਨ।

ਸ਼ਰਧਾਲੂਆਂ ਨੇ ਸਰਕਾਰ ਅੱਗੇ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵੀ ਸ਼ਰਧਾਲੂ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਨ੍ਹਾਂ ਸਾਰਿਆਂ ਦੇ ਵੀਜੇ ਲਗਾਏ ਜਾਣੇ ਚਾਹੀਦੇ ਹਨ, ਕਿਉਂਕਿ ਜਦੋਂ ਵੀਜੇ ਕੱਟੇ ਜਾਂਦੇ ਹਨ ਤੇ ਮਨ ਨੂੰ ਬਹੁਤ ਦੁੱਖ ਹੁੰਦਾ ਹੈ। 

ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ  ਗੁਰਮੀਤ ਸਿੰਘ ਬੂਹ ਅਤੇ ਬੀਬੀ ਹਰਜਿੰਦਰ ਕੌਰ ਰਵਾਨਾ ਹੋਏ। ਉਨ੍ਹਾਂ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਕੌਮ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਦੀ ਹਰ ਤਾਂਘ ਰੱਖਦਾ ਹੈ।

ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 340 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 23 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ 317 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਬੋਲੇ ਸੋਹਣੇ ਹਾਲ ਦੇ ਜੈਕਾਰਿਆਂ ਦੇ ਨਾਲ ਇਹ ਸਿੱਖ ਜੱਥਾ ਅਟਾਰੀ ਵਾਘਾ ਸਰਹੱਦ ਤੋਂ ਪਾਕਿਸਤਾਨ ਦੇ ਲਈ ਰਵਾਨਾ ਹੋਇਆ।

Related Post