ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਐਮਪੀ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ
ਜਲੰਧਰ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਕਾਂਗਰਸ ਦੇ ਐਮਪੀ ਚੌਧਰੀ ਸੰਤੋਖ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਭਾਰਤ ਜੋੜੋ ਯਾਤਰਾ ਦੌਰਾਨ ਚੌਧਰੀ ਸੰਤੋਖ ਸਿੰਘ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਕਾਬਿਲੇਗੌਰ ਹੈ ਕਿ ਚੌਧਰੀ ਸੰਤੋਖ ਸਿੰਘ ਜਲੰਧਰ ਤੋਂ ਸੰਸਦ ਮੈਂਬਰ ਸਨ। ਚੌਧਰੀ ਸੰਤੋਖ ਸਿੰਘ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਵਿਚ ਜੁਟੇ ਹੋਏ ਸਨ। ਭਲਕੇ ਭਾਰਤ ਜੋੜੋ ਯਾਤਰਾ ਜਲੰਧਰ ਜ਼ਿਲ੍ਹੇ ਵਿਚ ਦਾਖ਼ਲ ਹੋਣੀ ਸੀ ਇਸ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਸੀ। ਚੌਧਰੀ ਸੰਤੋਖ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਰਾਹੁਲ ਗਾਂਧੀ ਹਸਪਤਾਲ ਲਈ ਰਵਾਨਾ ਹੋ ਗਏ ਹਨ। ਦੁੱਖਦ ਖ਼ਬਰ ਸੁਣਦੇ ਸਾਰ ਹੀ ਭਾਰਤ ਜੋੜੋ ਯਾਤਰਾ ਰੋਕ ਦਿੱਤੀ ਗਈ ਹੈ।
ਡਾਕਟਰ ਜਸਜੀਤ ਵਿਰਕ ਅਨੁਸਾਰ ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਉਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਨੂੰ ਹਸਪਤਾਲ ਪਹੁੰਚਾਉਂਦੇ ਸਮੇਂ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮ੍ਰਿਤਕ ਦੇਹ ਜਲੰਧਰ ਸ਼ਹਿਰ ਦੇ ਨਿਊ ਵਿਜੇ ਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ। ਉਹ ਦੂਜੀ ਵਾਰ ਸੰਸਦ ਮੈਂਬਰ ਬਣੇ। ਇਸ ਤੋਂ ਪਹਿਲਾਂ ਉਹ ਫਿਲੌਰ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰਦਿਆਂ 1992 ਤੋਂ 1997 ਤੱਕ ਕਾਂਗਰਸ ਸਰਕਾਰ ਵਿੱਚ ਰਾਜਿੰਦਰ ਕੌਰ ਭੱਠਲ ਅਤੇ ਹਰਚਰਨ ਸਿੰਘ ਬਰਾੜ ਦੀ ਕੈਬਨਿਟ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਚੌਧਰੀ ਸੰਤੋਖ ਸਿੰਘ ਦੀ ਬੇਵਕਤੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
ਇਹ ਵੀ ਪੜ੍ਹੋ : ਪੁਖ਼ਤਾ ਸੁਰੱਖਿਆ ਪ੍ਰਬੰਧ ਹੇਠ ਲਾਡੋਵਾਲ ਤੋਂ ਅਗਲੇ ਪੜਾਅ ਲਈ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ