Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ

By  Shanker Badra April 17th 2025 05:08 PM
Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ।

ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 18 ਅਪ੍ਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। 

ਇਸ ਸਬੰਧ ਵਿਚ ਬੀਤੇ ਕੱਲ੍ਹ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਸ ਦੇ ਭੋਗ 18 ਅਪ੍ਰੈਲ 2025 ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 2025 ਵਿਚ ਮਨਾਈ ਜਾ ਰਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਆਰੰਭਤਾ ਵੀ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸਜਾਏ ਜਾਣਗੇ।

Related Post