26 ਜਨਵਰੀ ਨੂੰ 400 ਮੁਹੱਲਾ ਕਲੀਨਿਕ ਕੀਤੇ ਜਾਣਗੇ ਲੋਕਾਂ ਦੇ ਹਵਾਲੇ : ਚੀਮਾ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਸਿਹਤਮੰਦ ਪੰਜਾਬ ਉਤੇ ਜ਼ੋਰ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇ ਲੋਕ ਤੰਦਰੁਸਤ ਹੋਣਗੇ ਤਾਂ ਹੀ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ।
ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ 26 ਜਨਵਰੀ ਨੂੰ 400 ਮੁਹੱਲਾ ਕਲੀਨਿਕ ਲੋਕਾਂ ਦੇ ਹਵਾਲੇ ਕੀਤੇ ਜਾਣਗੇ ਅਤੇ 27 ਜਨਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਵਿਚ ਇਸ ਦਾ ਉਦਘਾਟਨ ਕਰਨਗੇ। ਉਨ੍ਹਾਂ ਨੇ ਕਿਹਾ ਕਿ 15 ਅਗਸਤ 2022 ਨੂੰ 100 ਮੁਹੱਲਾ ਕਲੀਨਿਕ ਲੋਕਾਂ ਦੇ ਹਵਾਲੇ ਕਰ ਦਿੱਤੇ ਗਏ ਹਨ, ਜਿਥੇ ਵੱਡੀ ਗਿਣਤੀ ਵਿਚ ਲੋਕ ਦਵਾਈਆਂ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਮੁਹੱਲਾ ਕਲੀਨਿਕ ਖੁੱਲ੍ਹਣ ਨਾਲ ਜਿਥੇ ਮਰੀਜ਼ਾਂ ਨੂੰ ਲਾਭ ਮਿਲੇਗਾ ਉਥੇ ਹੀ ਪੰਜਾਬ ਵਿਚ ਰੁਜ਼ਗਾਰ ਵੀ ਵਧੇਗਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਆਪਣੀ ਕਾਰ ਵਿਚ ਫਸਟ ਏਡ ਕਿੱਟ ਰੱਖਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਦਿੱਲੀ ’ਚ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਅੱਜ, ਇਹ ਰਸਤੇ ਰਹਿਣਗੇ ਬੰਦ
ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਉਤੇ ਕਾਫੀ ਜ਼ੋਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਐਂਬੂਲੈਂਸ ਵਿਚ ਆਧੁਨਿਕ ਸਿਹਤ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਤੁਰੰਤ ਹੀ ਮਰੀਜ਼ ਦਾ ਇਲਾਜ ਸ਼ੁਰੂ ਹੋ ਜਾਵੇ।
ਪਹਿਲੇ ਪੜਾਅ ਵਿੱਚ ਸਿਹਤ ਵਿਭਾਗ ਨੇ 521 ਪੀਐਚਸੀ ਦੀ ਸੂਚੀ ਤਿਆਰ ਕੀਤੀ ਸੀ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅਪਗ੍ਰੇਡ ਕੀਤਾ ਜਾਣਾ ਸੀ। ਮੁੱਖ ਮੰਤਰੀ ਨੇ ਪਹਿਲਾਂ ਇਸ ਕਲੀਨਿਕ ਨੂੰ 26 ਜਨਵਰੀ 2023 ਨੂੰ ਸ਼ੁਰੂ ਕਰਨ ਦੀ ਗੱਲ ਕਹੀ ਸੀ ਪਰ ਗਣਤੰਤਰ ਦਿਵਸ ਕਾਰਨ ਹੁਣ ਇਸ ਨੂੰ 27 ਜਨਵਰੀ ਨੂੰ ਸ਼ੁਰੂ ਕੀਤਾ ਜਾਵੇਗਾ। ਇਹ ਕਲੀਨਿਕ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਸਥਿਤ ਪੀਐਚਸੀਜ਼ ਦੀਆਂ ਪਹਿਲਾਂ ਤੋਂ ਮੌਜੂਦ ਇਮਾਰਤਾਂ ਵਿੱਚ ਖੋਲ੍ਹੇ ਜਾਣਗੇ। ਇੱਥੇ ਇਨ੍ਹਾਂ ਇਮਾਰਤਾਂ ਨੂੰ ਨਵੇਂ ਉਪਕਰਨਾਂ ਅਤੇ ਬੁਨਿਆਦੀ ਢਾਂਚੇ ਨਾਲ ਅਪਗ੍ਰੇਡ ਕੀਤਾ ਗਿਆ ਹੈ।
ਸਿਹਤ ਵਿਭਾਗ ਵੱਲੋਂ ਪਹਿਲਾਂ ਤਿਆਰ ਕੀਤੇ ਪ੍ਰਸਤਾਵ ਅਨੁਸਾਰ ਅੰਮ੍ਰਿਤਸਰ ਵਿੱਚ 44 ਕਲੀਨਿਕ ਖੋਲ੍ਹੇ ਜਾਣਗੇ। ਲੁਧਿਆਣਾ ਵਿੱਚ 47, ਪਟਿਆਲਾ ਵਿੱਚ 40, ਜਲੰਧਰ ਵਿੱਚ 37, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 33-33, ਬਠਿੰਡਾ ਵਿੱਚ 24, ਸੰਗਰੂਰ ਵਿੱਚ 26, ਫਾਜ਼ਿਲਕਾ ਵਿੱਚ 22, ਫਿਰੋਜ਼ਪੁਰ, ਐਸਏਐਸ ਨਗਰ ਅਤੇ ਮੁਕਤਸਰ ਵਿੱਚ 19-19 ਅਤੇ ਕੁਝ ਹੋਰ ਥਾਵਾਂ ’ਤੇ ਕਲੀਨਿਕ ਖੋਲ੍ਹੇ ਜਾਣਗੇ।